ਕਿਹਾ : ਨਰਿੰਦਰ ਮੋਦੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹਨ ਜਿਨ੍ਹਾਂ ਨੇ ਆਪਣੇ ਤੀਜੇ ਕਾਰਜਕਾਲ ਵਿੱਚ ਸਭ ਤੋਂ ਪਹਿਲਾ ਕੰਮ ਪ੍ਰਧਾਨ ਮੰਤਰੀ ਕਿਸਾਨ ਨਿਧੀ ਦੀ ਕਿਸ਼ਤ ਜਾਰੀ ਕਰਕੇ ਕੀਤੀ ਹੈ। ਇਸ ਨਾਲ 11 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਦੇਸ਼ ਦੀਆਂ 2.60 ਲੱਖ ਗ੍ਰਾਮ ਪੰਚਾਇਤਾਂ ਦੇ 90 ਲੱਖ ਤੋਂ ਵੱਧ ਯੋਗ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਫੈਸਲੇ ਨਾਲ ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਫਾਇਦਾ ਹੋਵੇਗਾ। ਇਹ ਪੈਸਾ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਟਰਾਂਸਫਰ ਕੀਤਾ ਜਾਵੇਗਾ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।
ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ, ਜਦੋਂ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਤੋਂ ਮਿਲਣ ਵਾਲੇ ਲਾਭਾਂ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਰਹੀ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਦੀ ਕੇਵਾਈਸੀ ਸਹੀ ਢੰਗ ਨਾਲ ਨਹੀਂ ਕੀਤੀ ਜਾ ਰਹੀ ਜਿਸ ਕਰਕੇ ਕਿਸਾਨ ਕੇਂਦਰ ਦੀਆਂ ਸਕੀਮਾਂ ਤੋਂ ਵਾਂਝੇ ਰਹਿ ਰਹੇ ਹਨ।