ਗੰਭੀਰ ਬਿਮਾਰੀਆਂ ਦਾ ਖਤਰਾ ਵਧਿਆ
ਮੋਗਾ/ਬਿਊਰੋ ਨਿਊਜ਼ : ਪੰਜਾਬ ‘ਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ ਤੇ ਦੂਜੇ ਪਾਸੇ ਐਸਵਾਈਐਲ ਮਾਮਲਾ ਅਣਸੁਲਝਿਆ ਪਿਆ ਹੈ। ਪੰਜਾਬ ਵਿਚ ਕਰੀਬ ਦੋ ਦਹਾਕੇ ਤੋਂ ਜ਼ਮੀਨਦੋਜ਼ ਪਾਣੀ ਦਾ ਪੱਧਰ ਤੇਜ਼ੀ ਨਾਲ ਹੇਠਾਂ ਡਿੱਗਣ ਕਾਰਨ ਪੰਜ ਦਰਿਆਵਾਂ ਦੀ ਧਰਤੀ ਗੰਭੀਰ ਸੰਕਟ ਵਿਚ ਘਿਰਦੀ ਜਾ ਰਹੀ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਧਰਤੀ ਹੇਠਲੇ ਪਾਣੀ ਵਿਚ ਅਤਿ-ਘਾਤਕ ਯੂਰੇਨੀਅਮ ਵਰਗੇ ਤੱਤ ਸ਼ਾਮਲ ਹੋ ਗਏ ਹਨ ਜਿਸ ਕਾਰਨ ਪੰਜਾਬ ਵਾਸੀ ਗੰਭੀਰ ਬਿਮਾਰੀਆਂ ਦੀ ਮਾਰ ਹੇਠ ਆ ਰਹੇ ਹਨ।
ਸੂਬੇ ‘ਚ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਡਿੱਗਣ ਕਾਰਨ ਸੂਬੇ ਦੇ ਲਗਪਗ ਸਾਰੇ ਬਲਾਕ ਡਾਰਕ ਜ਼ੋਨ ਵਿੱਚ ਆ ਚੁੱਕੇ ਹਨ। ਝੋਨਾ ਪੰਜਾਬ ਦੀ ਵਿਰਾਸਤੀ ਫਸਲ ਨਹੀਂ ਸੀ ਪਰ 1966 ਵਿੱਚ ਹਰੀ-ਕ੍ਰਾਂਤੀ ਤਹਿਤ ਤੇ ਕੇਂਦਰ ਦੀ ਮੰਗ ‘ਤੇ ਅਨਾਜ ਦੀ ਕਮੀ ਪੂਰੀ ਕਰਨ ਲਈ ਬੀਜਿਆ ਜਾਣ ਲੱਗਿਆ। ਪੰਜਾਬ ਦਾ ਕਿਸਾਨ ਅੰਨਦਾਤਾ ਤਾਂ ਬਣਿਆ ਪਰ ਅਨਾਜ ਦੀ ਕਮੀ ਪੂਰੀ ਕਰਨ ਲਈ ਪਾਣੀ ਦਾ ਵੱਡਾ ਨੁਕਸਾਨ ਹੋਇਆ। ਖੇਤੀ ਮਾਹਿਰਾਂ ਅਨੁਸਾਰ ਇਕ ਕਿਲੋ ਚੌਲ ਪੈਦਾ ਕਰਨ ਲਈ ਹਜ਼ਾਰਾਂ ਲਿਟਰ ਪਾਣੀ ਦੀ ਵਰਤੋਂ ਹੁੰਦੀ ਹੈ।
ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਨੇ ਕਿਹਾ ਕਿ ਹੋਰ ਫ਼ਸਲਾਂ ਦਾ ਸਮਰਥਨ ਮੁੱਲ ਐਲਾਨਣ ਦੇ ਬਾਵਜੂਦ ਖ਼ਰੀਦ ਦੀ ਗਾਰੰਟੀ ਨਾ ਹੋਣ ਕਰਕੇ ਕਿਸਾਨ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਨਹੀਂ ਨਿਕਲ ਸਕਿਆ। ਇਸ ਕਰਕੇ ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਨੂੰ ਤਰਜੀਹ ਦਿੱਤੀ ਜਾਂਦੀ ਹੈ। ਨਹਿਰੀ ਪਾਣੀ ਦੀ ਘਾਟ ਕਾਰਨ ਟਿਊਬਵੈਲਾਂ ਰਾਹੀਂ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ। ਪਾਣੀ ਦਾ ਹਰ ਵਰ੍ਹੇ ਪੱਧਰ ਡਿੱਗਣ ਕਾਰਨ ਆਮ ਤੌਰ ਉੱਤੇ ਇੱਕ ਚੌਥਾਈ ਪੁਰਾਣੇ ਬੋਰ ਜਾਂ ਡੂੰਘੇ ਕਰਨੇ ਪੈਂਦੇ ਹਨ ਅਤੇ ਜਾਂ ਖੜ੍ਹ ਜਾਣ ਕਰਕੇ ਉਨ੍ਹਾਂ ਦੀ ਥਾਂ ਨਵਾਂ ਬੋਰ ਕਰਨਾ ਪੈਂਦਾ ਹੈ।
ਖੇਤੀ ਵਿਗਿਆਨੀ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਇਸ ਵਿਚ ਕੋਈ ਕੋਈ ਸ਼ੱਕ ਨਹੀਂ ਕਿ ਧਰਤੀ ਹੇਠਲਾ ਪਾਣੀ ਘਟਦਾ ਜਾ ਰਿਹਾ ਹੈ। ਇਸ ਕਰ ਕੇ ਧਾਰਮਿਕ, ਸਮਾਜਿਕ ਤੇ ਰਾਜਨੀਤਕ ਅਤੇ ਬੁੱਧੀਜੀਵੀਆਂ ਤੇ ਕਿਸਾਨ ਜਥੇਬੰਦੀਆਂ ਨੂੰ ਸਿਰ ਜੋੜ ਕੇ ਇਸ ਦਿਸ਼ਾ ਵਿੱਚ ਕੰਮ ਕਰਨ ਦੀ ਲੋੜ ਹੈ ਤਾਂ ਕਿ ਭਵਿੱਖ ਦੀ ਪੀੜ੍ਹੀ ਨੂੰ ਬਚਾਇਆ ਜਾ ਸਕੇ।
ਧਰਤੀ ਹੇਠਲੇ ਘੱਟ ਹੁੰਦੇ ਪਾਣੀ ਦੀ ਇਸ ਸਮੱਸਿਆ ਲਈ ਸਿਰਫ ਕਿਸਾਨਾਂ ਨੂੰ ਹੀ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ ਬਲਕਿ ਹੋਰਨਾਂ ਖੇਤਰਾਂ ਵਿੱਚ ਵੀ ਪਾਣੀ ਦੀ ਵੱਡੇ ਪੱਧਰ ‘ਤੇ ਦੁਰਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ‘ਚ ਮੀਂਹ ਆਦਿ ਦੇ ਪਾਣੀ ਨੂੰ ਸੋਧ ਕੇ ਵਰਤਿਆ ਜਾਂਦਾ ਹੈ। ਇਸ ਕਰ ਕੇ ਇੱਥੋਂ ਦੇ ਬਰਸਾਤੀ ਨਾਲਿਆਂ ਨੂੰ ਸਾਫ਼ ਕਰਕੇ ਤੇ ਧਰਤੀ ਹੇਠਲੇ ਪਾਣੀ ਨੂੰ ਰਿਚਾਰਜ ਕਰਨ ਲਈ ਉਪਰਾਲੇ ਕਰਨੇ ਜ਼ਰੂਰੀ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਕਿਹਾ : ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ …