ਗ੍ਰਹਿ ਮੰਤਰਾਲੇ ਦੇ ਆਦੇਸ਼ਾਂ ਅਨੁਸਾਰ ਯੂਟੀ ਵਿੱਚ ਪੰਜਾਬ ਦੇ ਮੁਲਾਜ਼ਮ ਤਾਇਨਾਤ ਕਰਨ ਦੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵੇਂ ਬਣੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅਪੀਲ ਕੀਤੀ ਹੈ ਕਿ ਉਹ ਚੰਡੀਗੜ੍ਹ ਪੰਜਾਬ ਨੂੰ ਦੇਣ ਸਮੇਤ ਪੰਜਾਬ ਦੇ ਹੱਕਾਂ ਦਾ ਪੂਰਾ ਹੋਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਸਬੰਧੀ ਵਾਰ-ਵਾਰ ਫੈਸਲੇ ਲੈ ਕੇ ਪੰਜਾਬ ਦੇ ਹੱਕਾਂ ਵਿਚ ਕਟੌਤੀ ਕੀਤੀ ਜਾ ਰਹੀ ਹੈ। ਚੰਡੀਗੜ੍ਹ ਨੂੰ ਆਰਜ਼ੀ ਤੌਰ ‘ਤੇ ਯੂਟੀ ਬਣਾਇਆ ਗਿਆ ਸੀ ਜਦਕਿ 4 ਨਵੰਬਰ 1966 ਨੂੰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਯੂਟੀ ਦੀਆਂ ਸਾਰੀਆਂ ਅਸਾਮੀਆਂ ‘ਤੇ ਪੰਜਾਬ ਤੇ ਹਰਿਆਣਾ ਦੇ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਪਰ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨਹੀਂ ਹੋ ਰਹੀ।
ਮਜੀਠੀਆ ਨੇ ਕਿਹਾ ਕਿ ਰਵਨੀਤ ਬਿੱਟੂ ਨੂੰ ਸਭ ਤੋਂ ਪਹਿਲਾਂ 4 ਨਵੰਬਰ 1966 ਦੇ ਹੁਕਮਾਂ ਨੂੰ ਲਾਗੂ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਮਲੇ ਦੇ ਮਾਮਲੇ ਵਿਚ ਦਾਨਿਸ਼ ਕਾਡਰ ਸਮੇਤ ਕੇਂਦਰੀ ਕਾਡਰ ਤੋਂ ਕੀਤੀਆਂ ਗਈਆਂ ਸਾਰੀਆਂ ਨਿਯੁਕਤੀਆਂ ਰੱਦ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਪੰਜਾਬ ਤੇ ਹਰਿਆਣਾ ਤੋਂ ਡੈਪੂਟੇਸ਼ਨ ‘ਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਕੇਂਦਰੀ ਕੇਡਰ ਨੂੰ ਬਾਹਰ ਕੱਢਣ ਮਗਰੋਂ ਖਾਲੀ ਹੋਈਆਂ ਸਾਰੀਆਂ ਅਸਾਮੀਆਂ ਨੂੰ ਪੰਜਾਬ ਤੇ ਹਰਿਆਣਾ ਕਾਡਰ ਤੋਂ ਭਰਿਆ ਜਾਵੇ। ਉਨ੍ਹਾਂ ਕਿਹਾ ਕਿ ਯੂਟੀ ਵਿਚ ਮੁਲਾਜ਼ਮਾਂ ਲਈ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਸਮੇਤ ਸਾਰੇ ਪੰਜਾਬ ਵਿਰੋਧੀ ਫੈਸਲੇ ਵਾਪਸ ਹੋਣੇ ਚਾਹੀਦੇ ਹਨ ਤੇ ਸਰਕਾਰੀ ਕੰਮਕਾਜ ਵਿਚ ਪੰਜਾਬੀ ਭਾਸ਼ਾ ਨੂੰ ਅਣਡਿੱਠ ਕਰਨ ਤੇ ਇਸ ਨਾਲ ਵਿਤਕਰਾ ਕਰਨ ਦਾ ਫੈਸਲਾ ਵੀ ਵਾਪਸ ਲਿਆ ਜਾਣਾ ਚਾਹੀਦਾ ਹੈ। ਬਿੱਟੂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅਪੀਲ ਕਰਨੀ ਚਾਹੀਦੀ ਹੈ ਕਿ ਚੰਡੀਗੜ੍ਹ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦਾ ਫੈਸਲਾ ਵੀ ਵਾਪਸ ਲਿਆ ਜਾਵੇ।