ਰੰਧਾਵਾ ਨੇ ਗੁਰਦਾਸਪੁਰ ਹਲਕੇ ਤੋਂ ਜਿੱਤੀ ਹੈ ਲੋਕ ਸਭਾ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਧਿਆਨ ਰਹੇ ਕਿ ਸੁਖਜਿੰਦਰ ਸਿੰਘ ਨੂੰ ਕਾਂਗਰਸ ਪਾਰਟੀ ਨੇ ਗੁਰਦਾਸਪੁਰ ਤੋਂ ਲੋਕ ਸਭਾ ਦਾ ਉਮੀਦਵਾਰ ਬਣਾਇਆ ਸੀ ਅਤੇ ਰੰਧਾਵਾ ਨੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤ ਵੀ ਲਈ ਸੀ। ਇਸਦੇ ਚੱਲਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਹੁਣ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪ ਦਿੱਤਾ ਹੈ। ਧਿਆਨ ਰਹੇ ਕਿ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਲੁਧਿਆਣਾ ਤੋਂ ਲੋਕ ਸਭਾ ਚੋਣ ਜਿੱਤੀ ਹੈ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਜਿਹੜੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ, ਉਨ੍ਹਾਂ ਨੇ ਵੀ ਹਲਕਾ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਜਿੱਤੀ ਹੈ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਜਿੱਤ ਹਾਸਲ ਕੀਤੀ ਹੈ। ਸੋ ਇਨ੍ਹਾਂ ਵਿਧਾਇਕਾਂ ਨੂੰ ਵਿਧਾਇਕੀ ਦਾ ਅਹੁਦਾ ਛੱਡਣਾ ਪੈਣਾ ਹੈ ਅਤੇ ਇਨ੍ਹਾਂ ਚਾਰਾਂ ਵਿਧਾਨ ਸਭਾ ਹਲਕਿਆਂ ਵਿਚ ਹੁਣ ਜ਼ਿਮਨੀ ਚੋਣ ਵੀ ਹੋਵੇਗੀ।