‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ : ਸੁਨੀਲ ਜਾਖੜ ਅਤੇ ਰਵਨੀਤ ਬਿੱਟੂ ਚੁੱਪ ਕਿਉਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਰੁਕੇ ਹੋਏ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ ਮਾਮਲੇ ਵਿਚ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਪ੍ਰੈਸ ਕਾਨਫਰੰਸ ਦੌਰਾਨ ਆਰੋਪ ਲਗਾਇਆ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਆਰ.ਡੀ.ਐਫ. ਰੋਕ ਕੇ ਪੰਜਾਬ ਦੀ ਮੰਡੀ ਬੋਰਡ ਵਿਵਸਥਾ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਦਿਨੇਸ਼ ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਉਨ੍ਹਾਂ ਦੇ ਮਿੱਤਰ ਕਾਰਪੋਰੇਟ ਘਰਾਣੇ ਪੰਜਾਬ ਦੀਆਂ ਮੰਡੀਆਂ ’ਤੇ ਕਬਜ਼ਾ ਕਰ ਲੈਣ। ਦਿਨੇਸ਼ ਚੱਢਾ ਨੇ ਕਿਹਾ ਕਿ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਇਸ ਮਾਮਲੇ ’ਤੇ ਚੁੱਪ ਕਿਉਂ ਹਨ। ਦਿਨੇਸ਼ ਚੱਢਾ ਨੇ ਪੰਜਾਬ ਤੋਂ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਇਸ ਮਾਮਲੇ ਨੂੰ ਸੰਸਦ ਵਿਚ ਪਹਿਲ ਦੇ ਅਧਾਰ ’ਤੇ ਉਠਾਉਣ।