
16 ਹਜ਼ਾਰ ਮੈਗਾਵਾਟ ਤੱਕ ਪਹੁੰਚੀ ਬਿਜਲੀ ਦੀ ਖਪਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਇਕ ਪਾਸੇ ਕਹਿਰ ਦੀ ਗਰਮੀ ਪੈ ਰਹੀ ਹੈ ਅਤੇ ਦੂਜੇ ਪਾਸੇ ਝੋਨੇ ਦੀ ਲੁਆਈ ਦਾ ਸੀਜ਼ਨ ਵੀ ਸ਼ੁਰੂ ਹੋ ਚੁੱਕਾ ਹੈ। ਇਸਦੇ ਚੱਲਦਿਆਂ ਬਿਜਲੀ ਦੀ ਮੰਗ ਵੀ ਬਹੁਤ ਜ਼ਿਆਦਾ ਵਧ ਗਈ ਹੈ। ਬਿਜਲੀ ਦੀ ਮੰਗ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਵਿਚ ਬਿਜਲੀ ਦੀ ਖਪਤ 16 ਹਜ਼ਾਰ ਮੈਗਾਵਾਟ ਤੱਕ ਪਹੁੰਚ ਗਈ ਹੈ ਜੋ ਕਿ ਇਕ ਨਵਾਂ ਰਿਕਾਰਡ ਹੈ। ਇਸ ਤੋਂ ਪਹਿਲਾਂ ਕਦੀ ਵੀ ਬਿਜਲੀ ਦੀ ਏਨੀ ਜ਼ਿਆਦਾ ਡਿਮਾਂਡ ਨਹੀਂ ਹੋਈ ਹੈ। ਪਾਵਰਕੌਮ ਵਲੋਂ ਵੀ 16 ਹਜ਼ਾਰ ਮੈਗਾਵਾਟ ਬਿਜਲੀ ਦਾ ਇੰਤਜ਼ਾਮ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਜੂਨ ਮਹੀਨੇ ਵਿਚ ਹੀ ਬਿਜਲੀ ਦੀ ਖਪਤ ਇਕਦਮ ਵਧੀ ਹੈ। ਇਸ ਵਿਚ ਸਿੱਧੇ ਤੌਰ ’ਤੇ 43 ਫੀਸਦੀ ਦਾ ਵਾਧਾ ਹੋਇਆ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਪੰਜਾਬ ਵਿਚ ਹਰ ਘਰ ਨੂੰ ਇਕ ਮਹੀਨੇ ਵਿਚ 300 ਯੂਨਿਟ ਬਿਜਲੀ ਮੁਫਤ ਮਿਲ ਰਹੀ ਹੈ ਅਤੇ ਲੋਕ ਇਸ ਕਰਕੇ ਬਿਜਲੀ ਦੀ ਵਰਤੋਂ ਸੰਜਮ ਨਾਲ ਨਹੀਂ ਕਰ ਰਹੇ। ਆਉਣ ਵਾਲੇ ਸਮੇਂ ਪੰਜਾਬ ਵਿਚ ਬਿਜਲੀ ਦਾ ਸੰਕਟ ਪੈਦਾ ਹੋ ਸਕਦਾ ਹੈ। ਇਸਦੇ ਚੱਲਦਿਆਂ ਸੂਬਾ ਸਰਕਾਰ ਸਰਕਾਰੀ ਦਫਤਰਾਂ ਦੇ ਸਮੇਂ ਵਿਚ ਤਬਦੀਲੀ ਵੀ ਕਰ ਸਕਦੀ ਹੈ।