ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਸਾਉਣੀ ਮਾਰਕੀਟਿੰਗ ਸੀਜ਼ਨ 2024-25 ਲਈ ਝੋਨੇ ਦੀ ਐੱਮਐੱਸਪੀ (ਘੱਟੋ-ਘੱਟ ਸਮਰਥਨ ਮੁੱਲ) ਵਿਚ 5.35 ਫੀਸਦ (117 ਰੁਪਏ) ਦਾ ਇਜ਼ਾਫ਼ਾ ਕਰਦਿਆਂ ਮੁੱਲ 2300 ਰੁਪਏ ਪ੍ਰਤੀ ਕੁਇੰਟਲ ਐਲਾਨ ਦਿੱਤਾ ਹੈ।
ਝੋਨੇ ਦੀ ਐੱਮਐੱਸਪੀ ‘ਚ ਵਾਧਾ ਅਜਿਹੇ ਮੌਕੇ ਕੀਤਾ ਗਿਆ ਹੈ ਜਦੋਂ ਸਰਕਾਰ ਕੋਲ ਚੌਲਾਂ ਦੇ ਸਰਪਲੱਸ ਭੰਡਾਰ ਮੌਜੂਦ ਹਨ, ਪਰ ਹਰਿਆਣਾ, ਮਹਾਰਾਸ਼ਟਰ, ਝਾਰਖੰਡ ਜਿਹੇ ਰਾਜਾਂ ਤੇ ਦਿੱਲੀ ਵਿਚ ਅਗਾਮੀ ਚੋਣਾਂ ਤੋਂ ਪਹਿਲਾਂ ਇਹ ਫੈਸਲਾ ਕਾਫੀ ਅਹਿਮ ਹੈ।
ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ ਐੱਮਐੱਸਪੀ ਵਿਚ ਵਾਧੇ ਦਾ ਐਲਾਨ ਕਰਦਿਆਂ ਕਿਹਾ ਕਿ ਕੈਬਨਿਟ ਨੇ ਖੇਤੀ ਲਾਗਤਾਂ ਤੇ ਕੀਮਤਾਂ ਬਾਰੇ ਕਮਿਸ਼ਨ (ਸੀਏਸੀਪੀ) ਦੀਆਂ ਸਿਫਾਰਸ਼ਾਂ ਦੇ ਅਧਾਰ ‘ਤੇ ਸਾਉਣੀ ਦੀਆਂ 14 ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ।