ਚੰਡੀਗੜ੍ਹ: ਪੰਜਾਬ ਵਿਚ ਹੁਣ ਵੀਆਈਪੀਜ਼ ਵਿਅਕਤੀਆਂ ਨੂੰ ਮੁਫਤ ਵਿਚ ਸਕਿਉਰਿਟੀ ਨਹੀਂ ਮਿਲੇਗੀ, ਬਲਕਿ ਉਨ੍ਹਾਂ ਨੂੰ ਇਸ ਦੇ ਲਈ ਭੁਗਤਾਨ ਕਰਨਾ ਪਵੇਗਾ। ਇਸ ਸਬੰਧੀ ਇਕ ਡਰਾਫਟ ਪੁਲਿਸ ਵਿਭਾਗ ਦੀ ਵਲੋਂ ਤਿਆਰ ਕੀਤਾ ਗਿਆ ਹੈ। ਜਿਸ ਸਬੰਧੀ ਪੁਲਿਸ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਜਾਣਕਾਰੀ ਦਿੱਤੀ ਹੈ। ਇਸਦੇ ਤਹਿਤ ਤਿੰਨ ਲੱਖ ਤੋਂ ਘੱਟ ਆਮਦਨ ਵਾਲੇ ਵਿਅਕਤੀਆਂ ਨੂੰ ਮੁਫਤ ਵਿਚ ਸਕਿਉਰਿਟੀ ਦਿੱਤੀ ਜਾਵੇਗੀ, ਇਸ ਤੋਂ ਇਲਾਵਾ ਹੋਰ ਵਿਅਕਤੀਆਂ ਨੂੰ ਭੁਗਤਾਨ ਕਰਨਾ ਪਵੇਗਾ। ਜੇਕਰ ਸੈਲੀਬ੍ਰਿਟੀ ਵੀ ਸੁਰੱਖਿਆ ਚਾਹੁੰਦੇ ਹਨ ਤਾਂ ਉਨ੍ਹਾਂ ਇਸ ਲਈ ਭੁਗਤਾਨ ਕਰਨਾ ਪਵੇਗਾ। ਹਾਲਾਂਕਿ ਸੀਨੀਅਰ ਸਰਕਾਰੀ ਅਧਿਕਾਰੀਆਂ, ਮੰਤਰੀਆਂ, ਵਿਧਾਇਕਾਂ, ਜੱਜ, ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਇਸ ਵਿਚ ਛੋਟ ਦਿੱਤੀ ਗਈ ਹੈ। ਪੰਜਾਬ ਪੁਲਿਸ ਵਲੋਂ ਅਦਾਲਤ ਵਿਚ ਦੱਸਿਆ ਗਿਆ ਕਿ ਇਸ ਸਮੇਂ 900 ਵਿਅਕਤੀਆਂ ਨੂੰ ਪੰਜਾਬ ਪੁਲਿਸ ਵਲੋਂ ਸੁਰੱਖਿਆ ਦਿੱਤੀ ਗਈ ਹੈ ਅਤੇ ਇਨ੍ਹਾਂ ਵਿਚੋਂ ਸਿਰਫ 39 ਵਿਅਕਤੀ ਹੀ ਭੁਗਤਾਨ ਕਰ ਰਹੇ ਹਨ। ਇਸ ਨਵੇਂ ਡਰਾਫਟ ਨੂੰ ਜੁਲਾਈ ਵਿਚ ਲਾਗੂ ਕੀਤਾ ਜਾ ਸਕਦਾ ਹੈ।