ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਤੇ ਪੁਲਿਸ ਦਾ ਗੱਠਜੋੜ ਤੋੜਨ ਦਾ ਕੀਤਾ ਵਾਅਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਚੋਂ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਨਵੀਂ ਵਿਉਂਤਬੰਦੀ ਐਲਾਨਦੇ ਹੋਏ ਹੇਠਲੇ ਪੱਧਰ ‘ਤੇ ਪੁਲਿਸ ਅਫ਼ਸਰਾਂ ਅਤੇ ਨਸ਼ਾ ਤਸਕਰਾਂ ਵਿਚਲੇ ਗੱਠਜੋੜ ਨੂੰ ਤੋੜਨ ਦਾ ਅਹਿਦ ਲਿਆ ਹੈ। ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਵਿਚ ਮਿਲੀ ਹਾਰ ਤੋਂ ਸਬਕ ਲੈਂਦਿਆਂ ਲੋਕਾਂ ਦੀ ਨਾਰਾਜ਼ਗੀ ਦੂਰ ਕਰਨ ਵਾਸਤੇ ਨਵੇਂ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਪੁਲਿਸ ਥਾਣਿਆਂ ‘ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਅਤੇ ਪੁਲਿਸ ਨੂੰ ਲੋਕ ਪੱਖੀ ਸਰੂਪ ਦੇਣ ਲਈ ਪੁਲਿਸ ਅਫਸਰਾਂ ਨੂੰ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਸੂਬੇ ਦੇ ਜ਼ਿਲ੍ਹਾ ਪੁਲਿਸ ਕਪਤਾਨਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਵੇਂ ਪੁਲਿਸ ਸੁਧਾਰਾਂ ‘ਤੇ ਚਰਚਾ ਵੀ ਕੀਤੀ। ਉਨ੍ਹਾਂ ਕਿਹਾ ਕਿ ਹੁਣ ਇਕੱਲੇ ਨਸ਼ਾ ਤਸਕਰਾਂ ਦੀ ਨਹੀਂ ਬਲਕਿ ਤਸਕਰੀ ਵਿਚ ਸ਼ਾਮਲ ਪਾਏ ਗਏ ਪੁਲਿਸ ਮੁਲਾਜ਼ਮਾਂ ਦੀ ਜਾਇਦਾਦ ਵੀ ਜ਼ਬਤ ਹੋਵੇਗੀ। ਅਜਿਹੇ ਪੁਲਿਸ ਮੁਲਾਜ਼ਮਾਂ/ਅਫਸਰਾਂ ਨੂੰ ਨੌਕਰੀ ਤੋਂ ਤੁਰੰਤ ਬਰਖਾਸਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਗੁਜਰਾਤ ਤੋਂ ਆਉਂਦੇ ਹਨ ਪ੍ਰੰਤੂ ਇਸ ਮੁੱਦੇ ‘ਤੇ ਸੂਬੇ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਮਿਸ਼ਨਰੀ ਭਾਵਨਾ ਨਾਲ ਨਸ਼ਿਆਂ ਖਿਲਾਫ ਜੰਗ ਨੂੰ ਇੱਕ ਜਨਤਕ ਲਹਿਰ ਵਿਚ ਬਦਲਣ। ਉਨ੍ਹਾਂ ਦੱਸਿਆ ਕਿ ਤਸਕਰੀ ਲਈ ਡਰੋਨਾਂ ਦੀ ਵਰਤੋਂ ਕਰਨ ਵਾਲੇ ਤਸਕਰਾਂ ਨਾਲ ਸਿੱਝਣ ਲਈ ਤਫਸੀਲ ਨਾਲ ਰਣਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਹੋਰਨਾਂ ਸੂਬਿਆਂ ਤੇ ਸਰਹੱਦ ਪਾਰੋਂ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੋਣ ਜ਼ਾਬਤੇ ਦੌਰਾਨ ਫੜੇ ਨਸ਼ਿਆਂ ਅਤੇ ਉਨ੍ਹਾਂ ਦੀ ਸਪਲਾਈ ਲਾਈਨ ਬਾਰੇ ਅਹਿਮ ਸੂਚਨਾਵਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਦੇ ਆਧਾਰ ‘ਤੇ ਨਵੀਂ ਯੋਜਨਾਬੰਦੀ ਕੀਤੀ ਗਈ ਹੈ। ਪੁਲਿਸ ਮੁਲਾਜ਼ਮਾਂ ਦੀ ਤਸਕਰਾਂ ਨਾਲ ਗੰਢਤੁੱਪ ਦਾ ਪਤਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਚਲੀਆਂ ਕਾਲੀਆਂ ਭੇਡਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਵਿਧਾਇਕਾਂ ਦੀ ਗੱਲ ਵੀ ਸੁਣੋ : ਮੁੱਖ ਮੰਤਰੀ ਨੇ ਪੁਲਿਸ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਚੁਣੇ ਹੋਏ ਵਿਧਾਇਕਾਂ ਅਤੇ ਪ੍ਰਤੀਨਿਧਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ। ਦੱਸਣਯੋਗ ਹੈ ਕਿ ਪੁਲਿਸ ਅਫਸਰ ਵਿਧਾਇਕਾਂ ਨੂੰ ਟਿੱਚ ਕਰਕੇ ਜਾਣਦੇ ਸਨ ਅਤੇ ਬਹੁਤੇ ਵਿਧਾਇਕਾਂ ਨੇ ਪਹਿਲਾਂ ਵੀ ਮੁੱਖ ਮੰਤਰੀ ਨੂੰ ਪੁਲਿਸ ਅਫ਼ਸਰਾਂ ਦੇ ਇਸ ਰਵੱਈਏ ਤੋਂ ਜਾਣੂ ਕਰਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਫਸਰ ਵਿਧਾਇਕਾਂ ਦੀ ਗੱਲ ਸੁਣਨ ਕਿਉਂਕਿ ਉਹ ਲੋਕਾਂ ਦੇ ਨੁਮਾਇੰਦੇ ਹਨ ਅਤੇ ਲੋਕ ਸਮੱਸਿਆਵਾਂ ਹੱਲ ਕਰਾਉਣਾ ਉਨ੍ਹਾਂ ਦਾ ਫਰਜ਼ ਵੀ ਹੈ।
ਪੰਜਾਬ ਪੁਲਿਸ ‘ਚ 10 ਹਜ਼ਾਰ ਜਵਾਨ ਭਰਤੀ ਹੋਣਗੇ : ਮੁੱਖ ਮੰਤਰੀ ਨੇ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੇਂ ਪੁਲਿਸ ਮੁਲਾਜ਼ਮ ਭਰਤੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਜ਼ਰੀਏ ਜਿੱਥੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਉੱਥੇ ਸੂਬੇ ਵਿੱਚ ਅਪਰਾਧ ਰੋਕਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਜਾ ਰਿਹਾ ਹੈ। ਸੜਕ ਸੁਰੱਖਿਆ ਫੋਰਸ ਨਾਲ ਕੀਮਤੀ ਜਾਨਾਂ ਬਚਣ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਲੰਮੇ ਸਮੇਂ ਤੋਂ ਇੱਕੋ ਥਾਂ ‘ਤੇ ਤਾਇਨਾਤੀ ਵਾਲੇ ਕਰੀਬ 10 ਹਜ਼ਾਰ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਪ੍ਰਕਿਰਿਆ ਜਾਰੀ ਹੈ।
ਪੰਜਾਬ ਦੇ ਹਰੇਕ ਜ਼ਿਲ੍ਹੇ ‘ਚ ਖੋਲ੍ਹੀ ਜਾਵੇਗੀ ‘ਸੀਐਮ ਵਿੰਡੋ’
ਪੰਜਾਬ ਦੇ ਲੋਕਾਂ ਨੂੰ ਹੁਣ ਸਰਕਾਰੀ ਦਫਤਰਾਂ ਕੰਮ ਕਰਵਾਉਣ ਲਈ ਦੇਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰ ਜ਼ਿਲ੍ਹੇ ਦੇ ਡੀਸੀ ਦਫਤਰ ਵਿੱਚ ਸਹਾਇਤਾ ਕੇਂਦਰ ਜਾਂ ਸੀਐਮ ਵਿੰਡੋ ਸਥਾਪਤ ਕੀਤੀ ਜਾਵੇਗੀ। ਜਿੱਥੇ ਵਿਅਕਤੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਜੇਕਰ ਜ਼ਿਲ੍ਹਾ ਪੱਧਰ ‘ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਸਕਦਾ ਹੋਵੇ ਤਾਂ ਉਸ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰਾਂ ਨੂੰ ਵੀ ਸਖਤ ਹਦਾਇਤਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਵਿੱਚ ‘ਆਪ’ ਸਰਕਾਰ ਖਿਲਾਫ ਲੋਕਾਂ ਦੀ ਨਾਰਾਜ਼ਗੀ ਨੂੰ ਦੇਖਦਿਆਂ ਡਿਪਟੀ ਕਮਿਸ਼ਨਰਾਂ ਦੀ ਝਾੜ-ਝੰਬ ਕੀਤੀ। ਮੁੱਖ ਮੰਤਰੀ ਵੱਲੋਂ ਪਿਛਲੇ ਦਿਨਾਂ ਵਿੱਚ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਜੋ ਵਿਚਾਰ ਚਿੰਤਨ ਕੀਤਾ ਗਿਆ, ਉਸ ਵਿੱਚ ਮਿਲੀ ਫੀਡਬੈਕ ਅਤੇ ਫੀਲਡ ਵਿੱਚੋਂ ਆਈਆਂ ਰਿਪੋਰਟਾਂ ਮਗਰੋਂ ਡੀਸੀਜ਼ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਗਿਆ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ‘ਕੰਮ ਕਰਨ ਜਾਂ ਕੁਰਸੀ ਛੱਡਣ’। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਹਰ ਤਰ੍ਹਾਂ ਦੀ ਅਸੁਵਿਧਾ ਲਈ ਡਿਪਟੀ ਕਮਿਸ਼ਨਰ ਜੁਆਬਦੇਹ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਫ਼ਸਰਸ਼ਾਹੀ ਤੋਂ ਵਿਧਾਇਕ ਨਾਰਾਜ਼ ਹਨ ਅਤੇ ਲੋਕ ਵੀ ਔਖੇ ਹਨ ਜਿਸ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਲੋਕ ਸੇਵਕ ਬਣ ਕੇ ਕੰਮ ਕਰਨਾ ਪਵੇਗਾ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …