![](https://parvasinewspaper.com/wp-content/uploads/2024/06/Kejriwal-3.jpg)
ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ‘ਆਪ’ ਦੇ ਕੌਮੀ ਕਨਵੀਨਰ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ’ਤੇ ਇਹ ਰਾਹਤ ਦਿੱਤੀ। ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਦੇ ਹੁਕਮ 48 ਘੰਟਿਆਂ ਲਈ ਰੋਕਣ ਬਾਰੇ ਈਡੀ ਦੀ ਅਪੀਲ ਵੀ ਰੱਦ ਕਰ ਦਿੱਤੀ। ਈਡੀ ਨੇ ਇਸ ਖ਼ਿਲਾਫ਼ ਸੁਪਰੀਮ ਕੋਰਟ ’ਚ ਅਪੀਲ ਦਾਇਰ ਕਰਨ ਲਈ ਇਹ ਸਮਾਂ ਮੰਗਿਆ ਸੀ। ਅਦਾਲਤ ਨੇ ਜਾਂਚ ਵਿੱਚ ਰੁਕਾਵਟ ਨਾ ਪਾਉਣ ਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਾ ਕਰਨ ਦੀਆਂ ਸ਼ਰਤਾਂ ’ਤੇ ‘ਆਪ’ ਆਗੂ ਨੂੰ ਇਹ ਰਾਹਤ ਦਿੱਤੀ ਹੈ। ਜੱਜ ਨੇ ਕੇਜਰੀਵਾਲ ਨੂੰ ਲੋੜ ਪੈਣ ’ਤੇ ਅਦਾਲਤ ਵਿੱਚ ਪੇਸ਼ ਹੋਣ ਤੇ ਜਾਂਚ ’ਚ ਸਹਿਯੋਗ ਦੇਣ ਦਾ ਨਿਰਦੇਸ਼ ਵੀ ਦਿੱਤਾ।