ਕਿਹਾ : ਲੋਕ ਸਭਾ ’ਚ ਪੰਜਾਬ ਦੇ ਅਹਿਮ ਮੁੱਦੇ ਚੁੱਕਾਂਗਾ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਤੋਂ ਨਵੇਂ ਚੁਣੇ ਗਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਆਰੋਪ ਲਗਾਏ ਹਨ। ਚੱਬੇਵਾਲ ਨੇ ਕਿਹਾ ਕਿ ਉਹ ਲੋਕ ਸਭਾ ਵਿਚ ਪੰਜਾਬ ਨਾਲ ਸਬੰਧਤ ਅਹਿਮ ਚੁੱਕਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪੰਜਾਬ ਸੂਬੇ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਾਢੇ 9 ਹਜ਼ਾਰ ਕਰੋੜ ਰੁਪਏ ਦੇ ਬਕਾਏ ਨੂੰ ਰੋਕਿਆ ਗਿਆ ਹੈ। ਸੰਸਦ ਮੈਂਬਰ ਡਾ. ਚੱਬੇਵਾਲ ਨੇ ਕਿਹਾ ਕਿ ਉਹ ਪੰਜਾਬ ਦੇ ਬਕਾਇਆ ਪੈਸੇ ਅਤੇ ਪੇਪਰ ਲੀਕ ਵਰਗੇ ਅਹਿਮ ਮੁੱਦਿਆਂ ਸਣੇ ਪੰਜਾਬ ਨਾਲ ਸਬੰਧਤ ਹੋਰ ਮੁੱਦੇ ਵੀ ਲੋਕ ਸਭਾ ’ਚ ਉਠਾਉਣਗੇ। ਧਿਆਨ ਰਹੇ ਕਿ ਡਾ. ਰਾਜ ਕੁਮਾਰ ਪਹਿਲਾਂ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਕਾਂਗਰਸ ਦੇ ਪਾਰਟੀ ਦੇ ਵਿਧਾਇਕ ਸਨ ਤੇ ਉਹ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ‘ਆਪ’ ਨੇ ਡਾ. ਰਾਜ ਨੂੰ ਹੁਸ਼ਿਆਰਪੁਰ ਤੋਂ ਲੋਕ ਸਭਾ ਦੀ ਟਿਕਟ ਦੇ ਦਿੱਤੀ ਸੀ ਤੇ ਉਹ ਚੋਣ ਜਿੱਤ ਕੇ ਸੰਸਦ ਮੈਂਬਰ ਬਣ ਗਏ ਹਨ ਤੇ ਲੰਘੇ ਕੱਲ੍ਹ ਉਨ੍ਹਾਂ ਨੇ ਅਹੁਦੇ ਦੀ ਸਹੁੰ ਵੀ ਚੁੱਕ ਲਈ ਹੈ।