Breaking News
Home / ਹਫ਼ਤਾਵਾਰੀ ਫੇਰੀ / ਅਕਾਲੀ ਦਲ ‘ਚ ਪ੍ਰਧਾਨਗੀ ਦੀ ਕੁਰਸੀ ਨੂੰ ਲੈ ਕੇ ਰੱਸਾਕਸ਼ੀ

ਅਕਾਲੀ ਦਲ ‘ਚ ਪ੍ਰਧਾਨਗੀ ਦੀ ਕੁਰਸੀ ਨੂੰ ਲੈ ਕੇ ਰੱਸਾਕਸ਼ੀ

ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ : ਚੰਦੂਮਾਜਰਾ
ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਦਰ ਸ਼ੁਰੂ ਹੋਈ ਬਗਾਵਤ ਰੁਕਣ ਦਾ ਨਾਮ ਨਹੀਂ ਲੈ ਲਈ। ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਅੱਜ ਚੰਡੀਗੜ੍ਹ ਵਿਚ ਮੀਡੀਆ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਬਾਦਲ ਧੜੇ ‘ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ। ਚੰਦੂਮਾਜਰਾ ਨੇ ਅੱਗੇ ਕਿਹਾ ਕਿ ਚੰਡੀਗੜ੍ਹ ‘ਚ ਮੀਟਿੰਗ ਸਿਰਫ਼ ਇਕ ਸਖਸ਼ ਨੂੰ ਬਚਾਉਣ ਲਈ ਕੀਤੀ ਗਈ ਅਤੇ ਸੁਖਬੀਰ ਬਾਦਲ ਨੇ ਮਨਚਾਹੇ ਬੰਦਿਆਂ ਨੂੰ ਇਕੱਠਾ ਕਰਕੇ ਇਕ ਧੜਾ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਸਲਾਹ ਕੀਤੇ ਬਿਨਾ ਹੀ ਸੁਖਬੀਰ ਬਾਦਲ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਮਿਲੇ ਅਤੇ ਗੱਠਜੋੜ ਕਰਨ ਲਈ ਉਨ੍ਹਾਂ ਭਾਜਪਾ ਦੀਆਂ ਮਿੰਨਤਾਂ ਕੀਤੀਆਂ। ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਦਾ ਪ੍ਰਧਾਨ ਸਿਆਸੀ ਤੇ ਧਾਰਮਿਕ ਦਿੱਖ ਵਾਲਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਵਿਚੋਂ ਕੋਈ ਵੀ ਪਾਰਟੀ ਦੀ ਪ੍ਰਧਾਨਗੀ ਨਹੀਂ ਲਵੇਤਗਾ ਅਤੇ ਜੋ ਵੀ ਪ੍ਰਧਾਨ ਬਣੇਗਾ ਉਹ ਮੁੱਖ ਮੰਤਰੀ ਦੇ ਅਹੁਦੇ ‘ਤੇ ਨਹੀਂ ਬੈਠੇਗਾ।
ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ‘ਤੇ ਮੋਹਰ ਲਾਈ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਪਾਰਟੀ ਦੇ ਅੰਦਰੂਨੀ ਕਲੇਸ਼ ਦੇ ਚੱਲਦਿਆਂ ਦਲ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕੀਤੇ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ੇ ਦੀ ਕੀਤੀ ਪੇਸ਼ਕਸ਼ ਨੂੰ ਠੁਕਰਾਉਂਦਿਆਂ ਪਾਰਟੀ ਪ੍ਰਧਾਨ ਦੀ ਅਗਵਾਈ ‘ਤੇ ਭਰੋਸਾ ਜ਼ਾਹਿਰ ਕੀਤਾ ਹੈ ਅਤੇ ਇਸਦੇ ਚੱਲਦਿਆਂ ਸੁਖਬੀਰ ਬਾਦਲ ਦੀ ਪ੍ਰਧਾਨਗੀ ਵਾਲੀ ਕੁਰਸੀ ਨੂੰ ਅਜੇ ਖਤਰਾ ਨਹੀਂ ਹੈ। ਵਰਕਿੰਗ ਕਮੇਟੀ ਦੀ ਚੰਡੀਗੜ੍ਹ ਵਿਚ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕੀਤੇ ਜਾਣ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਹਨ।
ਸ਼੍ਰੋਮਣੀ ਅਕਾਲੀ ਦਲ ‘ਚ ਉੱਠੀ ਬਗ਼ਾਵਤ ਅਜੇ ਠੱਲ੍ਹਣ ਦਾ ਨਾਮ ਨਹੀਂ ਲੈ ਰਹੀ ਹੈ। ਪਾਰਟੀ ਦੇ ਇੱਕ ਧੜੇ ਨੇ ਜਲੰਧਰ ਵਿਚ ਮੀਟਿੰਗ ਕਰਕੇ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ੇ ਦੀ ਮੰਗ ਕੀਤੀ ਸੀ ਅਤੇ ਦੋਵਾਂ ਧੜਿਆਂ ਵਿਚ ਇਲਜ਼ਾਮਤਰਾਸ਼ੀ ਦਾ ਦੌਰ ਚੱਲਦਾ ਰਿਹਾ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵਿਚ ਕੇਂਦਰ ਦੀ ਭਾਜਪਾ ਹਕੂਮਤ ਨੂੰ ਨਿਸ਼ਾਨੇ ‘ਤੇ ਰੱਖਿਆ ਗਿਆ। ਕੋਰ ਕਮੇਟੀ, ਜ਼ਿਲ੍ਹਾ ਜਥੇਦਾਰਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਤੋਂ ਬਾਅਦ ਵਰਕਿੰਗ ਕਮੇਟੀ ਨੇ ਵੀ ਸੁਖਬੀਰ ਸਿੰਘ ਬਾਦਲ ਦੀ ਪਿੱਠ ਥਾਪੜ ਦਿੱਤੀ ਹੈ।
ਵਰਕਿੰਗ ਕਮੇਟੀ ਦੀ ਮੀਟਿੰਗ ਮਗਰੋਂ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਬਾਗ਼ੀ ਆਗੂਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਆਗੂ ਅਕਾਲੀ ਹਨ ਅਤੇ ਕੁਰਬਾਨੀ ਦਾ ਮਾਦਾ ਰੱਖਦੇ ਹਨ, ਉਨ੍ਹਾਂ ਨੂੰ ਬਾਹਰ ਗੱਲ ਕਰਨ ਦੀ ਥਾਂ ਪਾਰਟੀ ਦੇ ਮੰਚ ‘ਤੇ ਆ ਕੇ ਆਪਣੀ ਗੱਲ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਬੋਲੀ ਬੋਲਣ ਵਾਲੇ ਆਗੂ ਪਾਰਟੀ ਮੰਚ ‘ਤੇ ਆਉਣ ਤਾਂ ਜੋ ਪਾਰਟੀ ਇਕਜੁੱਟ ਹੋ ਕੇ ਇਨ੍ਹਾਂ ਮੁੱਦਿਆਂ ‘ਤੇ ਲੜ ਸਕੇ। ਉਨ੍ਹਾਂ ਕਿਹਾ ਕਿ ਇਹ ਆਗੂ ਪਾਰਟੀ ਦੇ ਅੰਦਰ ਆ ਕੇ ਬਹਿਸ ਕਰਨ। ਵਰਕਿੰਗ ਕਮੇਟੀ ਨੇ ਮਤਾ ਪਾਸ ਕਰਕੇ ਬਾਗ਼ੀ ਆਗੂਆਂ ਨੂੰ ਤਾੜਨਾ ਕਰ ਦਿੱਤੀ ਕਿ ਪਾਰਟੀ ਤੋਂ ਬਾਹਰ ਜਾ ਕੇ ਕੋਈ ਗੱਲ ਨਾ ਕੀਤੀ ਜਾਵੇ ਅਤੇ ਜੇ ਕੋਈ ਅਜਿਹਾ ਕਰਦਾ ਹੈ ਤਾਂ ਉਹ ਆਪਣੇ ਆਪ ਨੂੰ ਪਾਰਟੀ ਦਾ ਹਿੱਸਾ ਨਾ ਸਮਝੇ।
ਮੀਟਿੰਗ ਮਗਰੋਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਤੇ ਪੂਰਨ ਵਿਸ਼ਵਾਸ ਜ਼ਾਹਰ ਕੀਤਾ ਹੈ ਅਤੇ ਮੀਟਿੰਗ ਵਿਚ ਪੁਰਾਣੇ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਨੇ ਵਿਸ਼ੇਸ਼ ਮਤਾ ਪਾਸ ਕੀਤਾ ਹੈ ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਅਮਨ ਭਾਈਚਾਰੇ ਨੂੰ ਬਰਕਰਾਰ ਰੱਖਣ ਵਾਸਤੇ ਲੜਾਈ ਲੜਦਾ ਰਹੇਗਾ।

 

Check Also

‘ਆਪ’ ਦੇ ਦੋਵੇਂ ਮੁੱਖ ਮੰਤਰੀ ਗਏ ਨਵੇਂ ਘਰ

ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚੋਂ ਗ੍ਰਿਫ਼ਤਾਰ ਕਰ, ਰਿਮਾਂਡ ‘ਤੇ ਲੈ ਸੀਬੀਆਈ ਲੈ ਗਈ ਆਪਣੇ …