-4.9 C
Toronto
Friday, December 26, 2025
spot_img
Homeਪੰਜਾਬਕੇਂਦਰ ਸਰਕਾਰ ਨੇ ਪੰਜਾਬ ਦੇ ਇਕ ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕੇ...

ਕੇਂਦਰ ਸਰਕਾਰ ਨੇ ਪੰਜਾਬ ਦੇ ਇਕ ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕੇ : ‘ਆਪ’

‘ਆਪ’ ਆਗੂਆਂ ਨੇ ਚੰਡੀਗੜ੍ਹ ਵਿਚ ਕੀਤੀ ਪ੍ਰੈਸ ਕਾਨਫਰੰਸ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਨੇ ਕੇਂਦਰ ਸਰਕਾਰ ‘ਤੇ ਪੰਜਾਬ ਦੇ ਸਰਵ ਸਿੱਖਿਆ ਅਭਿਆਨ (ਐੱਸਐੱਸਏ) ਦੇ ਇਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਫ਼ੰਡ ਰੋਕਣ ਦਾ ਆਰੋਪ ਲਗਾਇਆ ਹੈ। ‘ਆਪ’ ਨੇ ਮੋਦੀ ਸਰਕਾਰ ‘ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ) ਅਤੇ ਰੂਰਲ ਡਿਵੈਲਪਮੈਂਟ ਫ਼ੰਡ (ਆਰਡੀਐੱਫ) ਨੂੰ ਰੋਕ ਦਿੱਤਾ ਹੈ ਅਤੇ ਹੁਣ ਪ੍ਰਾਇਮਰੀ ਸਕੂਲਾਂ ‘ਚ ਬੱਚਿਆਂ ਦੀ ਪੜ੍ਹਾਈ ਲਈ ਜਾਣ ਵਾਲੇ ਪੈਸਿਆਂ ਨੂੰ ਵੀ ਰੋਕ ਦਿੱਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੰਡੀਗੜ੍ਹ ਵਿਚ ‘ਆਪ’ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਭਾਜਪਾ ‘ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਆਰੋਪ ਲਾਇਆ ਅਤੇ ਪੰਜਾਬ ਦੇ ਸਾਰੇ ਲੋਕ ਸਭਾ ਮੈਂਬਰਾਂ ਅਤੇ ਭਾਜਪਾ ਆਗੂਆਂ ਨੂੰ ਸੂਬੇ ਦੇ ਬਕਾਇਆ ਫੰਡਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਚੁੱਕਣ ਦੀ ਅਪੀਲ ਕੀਤੀ। ਗਰਗ ਨੇ ਕਿਹਾ ਕਿ ਸਰਵ ਸਿੱਖਿਆ ਦਾ ਪੈਸਾ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ, ਕਿਤਾਬਾਂ ਅਤੇ ਵਰਦੀਆਂ ‘ਤੇ ਖ਼ਰਚ ਕੀਤਾ ਜਾਂਦਾ ਹੈ। ਕੇਂਦਰ ਸਰਕਾਰ ਨੇ ਪਿਛਲੇ ਸਾਲ ਦੇ 380 ਕਰੋੜ ਰੁਪਏ ਜਾਰੀ ਨਹੀਂ ਕੀਤੇ। ਮਗਰੋਂ ਮੌਜੂਦਾ ਵਿੱਤ ਵਰ੍ਹੇ ਦੇ 710 ਕਰੋੜ ਰੁਪਏ ਜਾਰੀ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਸਕੀਮ (ਐੱਸਐੱਸਏ) ਲਈ ਕੇਂਦਰ 60 ਅਤੇ ਬਾਕੀ 40 ਫ਼ੀਸਦੀ ਸੂਬਾ ਸਰਕਾਰ ਯੋਗਦਾਨ ਪਾਉਂਦੀ ਹੈ। ਇਸ ਨਾਲ ਸਰਵ ਸਿੱਖਿਆ ਅਭਿਆਨ ਤਹਿਤ ਪੰਜਾਬ ਦੇ 3929 ਮੁਲਾਜ਼ਮਾਂ ਦੀਆਂ ਤਨਖਾਹਾਂ ‘ਤੇ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੀਐਮ ਸ੍ਰੀ ਨਾਮ ਦੀ ਸਕੀਮ ਲੈ ਕੇ ਆਈ ਹੈ, ਜਿਸ ਕਰਕੇ ਉਹ ਪੰਜਾਬ ਸਰਕਾਰ ਨੂੰ ਆਪਣੇ ਸਕੂਲ ਆਫ਼ ਐਮੀਨੈਂਸ ਬੰਦ ਕਰਕੇ ਇਸ ਸਕੀਮ ਨੂੰ ਲਾਗੂ ਕਰਨ ਲਈ ਮਜਬੂਰ ਕਰ ਰਹੀ ਹੈ।

RELATED ARTICLES
POPULAR POSTS