Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ‘ਚ ਪਿਆ ਸਿਆਸੀ ਕਲੇਸ਼ ਹੋਰ ਵਧਿਆ

ਸ਼੍ਰੋਮਣੀ ਅਕਾਲੀ ਦਲ ‘ਚ ਪਿਆ ਸਿਆਸੀ ਕਲੇਸ਼ ਹੋਰ ਵਧਿਆ

ਸੀਨੀਅਰ ਅਕਾਲੀ ਆਗੂਆਂ ਨੇ ਜਲੰਧਰ ‘ਚ ਕੀਤੀ ਵੱਖਰੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵਿੱਚ ਪਿਆ ਸਿਆਸੀ ਕਲੇਸ਼ ਹੋਰ ਵਧ ਗਿਆ ਹੈ। ਜਲੰਧਰ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਮੀਟਿੰਗ ਕਰਕੇ ਲੋਕ ਸਭਾ ਚੋਣਾਂ ‘ਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ ਲਿਆ। ਦੂਜੇ ਪਾਸੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਦੋ ਪੜਾਵਾਂ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨਾਲ ਮੀਟਿੰਗਾਂ ਕੀਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੀਆਂ ਇਨ੍ਹਾਂ ਦੋ ਵੱਖ-ਵੱਖ ਮੀਟਿੰਗਾਂ ਨੇ ਪਾਰਟੀ ਦੇ ਅੰਦਰੂਨੀ ਕਲੇਸ਼ ਨੂੰ ਸਿਖਰ ‘ਤੇ ਪਹੁੰਚਾ ਦਿੱਤਾ ਹੈ।
ਸੂਤਰਾਂ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਮੀਟਿੰਗਾਂ ਵਿੱਚ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਪਰ ਮੀਟਿੰਗ ਵਿਚ ਹਾਜ਼ਰ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਇਸ ਪੇਸ਼ਕਸ਼ ਨੂੰ ਠੁਕਰਾ ਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕੀਤਾ। ਇਸ ਫ਼ੈਸਲੇ ਮਗਰੋਂ ਹੁਣ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿਣਗੇ। ਇਸ ਤੋਂ ਪਹਿਲਾਂ ਕੁਝ ਸਮਾਂ ਪਹਿਲਾਂ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਸੀ ਜਿਸ ‘ਚ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਤੇ ਤਸੱਲੀ ਜ਼ਾਹਰ ਕੀਤੀ ਸੀ। ਪਾਰਟੀ ਅੰਦਰ ਝੂੰਦਾਂ ਕਮੇਟੀ ਦੀ ਰਿਪੋਰਟ ਨੂੰ ਲਾਗੂ ਨਾ ਕੀਤੇ ਜਾਣ ਤੋਂ ਘੁਟਣ ਬਣੀ ਹੋਈ ਸੀ। ਬਾਗ਼ੀ ਆਗੂਆਂ ਦੀ ਮੰਗ ਨੂੰ ਦਰਕਿਨਾਰ ਕਰਦਿਆਂ ਪਾਰਟੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਪਿੱਠ ਥਾਪੜ ਦਿੱਤੀ ਹੈ। ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਮਤਾ ਪਾਸ ਕਰਕੇ ਜਲੰਧਰ ਵਿਚ ਬਾਗ਼ੀ ਆਗੂਆਂ ਦੀ ਮੀਟਿੰਗ ਪਿੱਛੇ ਭਾਜਪਾ ਅਤੇ ਏਜੰਸੀਆਂ ਦਾ ਹੱਥ ਦੱਸਿਆ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਸਮਾਨੰਤਰ ਪਾਰਟੀ ਬਣਾਉਣ ਅਤੇ ਪਾਰਟੀ ਨੂੰ ਅੰਦਰੋਂ ਕਮਜ਼ੋਰ ਕਰਨ ਲਈ ਮੌਕਾਪ੍ਰਸਤ ਲੋਕ ਖੜ੍ਹੇ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਤਾਸ਼ ਸਿਆਸਤਦਾਨਾਂ ਨੂੰ ਮਹਾਰਾਸ਼ਟਰ ਤੋਂ ਸਿੱਖਣ ਦੀ ਲੋੜ ਹੈ ਜਿੱਥੇ ਭਾਜਪਾ ਨੇ ਮਹਾਰਾਸ਼ਟਰ ਦੀ ਖੇਤਰੀ ਪਾਰਟੀ ਨੂੰ ਤੋੜ ਦਿੱਤਾ ਪਰ ਫਿਰ ਵੀ ਲੋਕਾਂ ਨੇ ਜਾਅਲੀ ਪਾਰਟੀ ਨੂੰ ਨਕਾਰ ਦਿੱਤਾ। ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੀਟਿੰਗ ਦੌਰਾਨ ਮਤਾ ਪੜ੍ਹ ਕੇ ਸੁਣਾਇਆ। ਉਨ੍ਹਾਂ ਕਿਹਾ ਕਿ ਸਮੁੱਚੀ ਪਾਰਟੀ ਨੇ ਸੁਖਬੀਰ ਬਾਦਲ ਦੀ ਅਗਵਾਈ ‘ਤੇ ਤਸੱਲੀ ਜ਼ਾਹਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੀਆਂ ਮੀਟਿੰਗਾਂ ਵਿੱਚ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਮੀਖਿਆ ਕੀਤੀ ਗਈ।
ਅਕਾਲੀ ਦਲ ਦੇ 99 ਫੀਸਦੀ ਆਗੂ ਸੁਖਬੀਰ ਬਾਦਲ ਨਾਲ : ਭੂੰਦੜ
ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ 99 ਫ਼ੀਸਦੀ ਆਗੂ ਸੁਖਬੀਰ ਸਿੰਘ ਬਾਦਲ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਜੋ ਦੋ-ਚਾਰ ਲੋਕ ਉੱਧਰ ਗਏ ਹਨ ਤਾਂ ਉਨ੍ਹਾਂ ਨੂੰ ਪਾਰਟੀ ਦੇ ਮੰਚ ‘ਤੇ ਆਪਣੀ ਗੱਲ ਰੱਖਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਚੰਦ ਲੋਕਾਂ ਦੀ ਰਾਇ ਨੂੰ ਬਹੁਗਿਣਤੀ ‘ਤੇ ਥੋਪਿਆ ਨਹੀਂ ਜਾ ਸਕਦਾ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …