ਕਿਹਾ : ਭਾਰਤੀ ਫੌਜ ਸਾਰੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਤਿਆਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਪੂਰਬ ਲੱਦਾਖ ਵਿੱਚ ਚੀਨ ਦੇ ਨਾਲ ਜਾਰੀ ਸਰਹੱਦੀ ਵਿਵਾਦ ਦੇ ਚੱਲਦਿਆਂ ਕਿਹਾ ਕਿ ਭਾਰਤੀ ਫੌਜ ਦੇਸ਼ ਸਾਹਮਣੇ ਸੁਰੱਖਿਆ ਸਬੰਧੀ ਸਾਰੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਵਾਸਤੇ ਤਿਆਰ ਤੇ ਪੂਰੀ ਤਰ੍ਹਾਂ ਸਮਰੱਥ ਹੈ। ਦੇਸ਼ ਦੇ 13 ਲੱਖ ਸੈਨਿਕਾਂ ਵਾਲੇ ਮਜ਼ਬੂਤ ਬਲ ਦੀ ਕਮਾਨ ਸੰਭਾਲਣ ਤੋਂ ਇਕ ਦਿਨ ਬਾਅਦ ਉਨ੍ਹਾਂ ਕਿਹਾ ਕਿ ਥਲ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਵਿਚਾਲੇ ਤਾਲਮੇਲ ਯਕੀਨੀ ਬਣਾਉਣਾ ਉਨ੍ਹਾਂ ਦੀਆਂ ਤਰਜੀਹਾਂ ਵਿੱਚੋਂ ਇਕ ਹੋਵੇਗਾ। ਰਾਇਸਾਨਾ ਹਿੱਲਜ਼ ਦੇ ਸਾਊਥ ਬਲਾਕ ਵਿੱਚ ਸਲਾਮੀ ਗਾਰਦ ਦਾ ਨਿਰੀਖਣ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਭਾਰਤੀ ਫੌਜ ਨਿਵੇਕਲੀਆਂ ਜੰਗੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਅਤੇ ਅਜਿਹੇ ਖਤਰਿਆਂ ਲਈ ਤਿਆਰ ਰਹਿਣ ਵਾਸਤੇ ਇਹ ਮਹੱਤਵਪੂਰਨ ਹੈ ਕਿ ਸੈਨਿਕਾਂ ਨੂੰ ਆਧੁਨਿਕ ਹਥਿਆਰ ਮੁਹੱਈਆ ਕਰਵਾਏ ਜਾਣ।