ਜ਼ਿਮਨੀ ਚੋਣ ਤੋਂ ਪਹਿਲਾਂ ਵੱਡੀ ਸਿਆਸੀ ਉਥਲ ਪੁਥਲ
ਜਲੰਧਰ/ਬਿਊਰੋ ਨਿਊਜ਼
ਜਲੰਧਰ ਪੱਛਮੀ ਦੀ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਵੱਡੀ ਸਿਆਸੀ ਉਥਲ ਪੁਥਲ ਹੋ ਗਈ ਹੈ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਹੁਣ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਸੁਰਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ ਹੈ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸੁਰਜੀਤ ਕੌਰ ਨੂੰ ਆਮ ਆਦਮੀ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਧਿਆਨ ਰਹੇ ਕਿ ਅਕਾਲੀ ਦਲ ਵਿਚ ਚੱਲ ਰਹੇ ਸਿਆਸੀ ਕਲੇਸ਼ ਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਨੇ ਹੀ ਸੁਰਜੀਤ ਕੌਰ ਦੀ ਹਮਾਇਤ ਕਰਨ ਤੋਂ ਪਾਸਾ ਵੱਟ ਲਿਆ ਸੀ ਅਤੇ ਬਸਪਾ ਉਮੀਦਵਾਰ ਨੂੰ ਸਮਰਥਨ ਦੇਣ ਦੀ ਗੱਲ ਕਹੀ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਮੌਕੇ ਸ਼ੋ੍ਰਮਣੀ ਅਕਾਲੀ ਦਲ ਨੇ ਚੰਡੀਗੜ੍ਹ ਦੀ ਸੀਟ ਤੋਂ ਹਰਦੀਪ ਸਿੰਘ ਬੁਟਰੇਲਾ ਨੂੰ ਉਮੀਦਵਾਰ ਬਣਾਇਆ ਅਤੇ ਉਹ ਵੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।