Breaking News
Home / ਪੰਜਾਬ / ਮੈਂ ਆਸਾਨੀ ਨਾਲ ਭਾਜਪਾ ਨਾਲ ਸਮਝੌਤਾ ਕਰ ਸਕਦਾ ਸੀ : ਸੁਖਬੀਰ ਬਾਦਲ

ਮੈਂ ਆਸਾਨੀ ਨਾਲ ਭਾਜਪਾ ਨਾਲ ਸਮਝੌਤਾ ਕਰ ਸਕਦਾ ਸੀ : ਸੁਖਬੀਰ ਬਾਦਲ

ਯੂਥ ਅਕਾਲੀ ਦਲ ਦੇ ਆਗੂਆਂ ਨੇ ਸੁਖਬੀਰ ਦੀ ਲੀਡਰਸ਼ਿਪ ‘ਚ ਪ੍ਰਗਟਾਇਆ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਦੇ ਸੈਕਟਰ-28 ਵਿੱਚ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਯੂਥ ਅਕਾਲੀ ਦਲ ਦੀ ਸੁਮੱਚੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ। ਯੂਥ ਅਕਾਲੀ ਦਲ ਦੇ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿੱਚ ਪੂਰਨ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਸਿਰਫ ਸੁਖਬੀਰ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸ਼ਿਪ ਦੇ ਸਕਦੇ ਹਨ।
ਯੂਥ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਸਿਧਾਂਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਹੋ ਸਕਦਾ ਹੈ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਖਾਲਸਾ ਪੰਥ, ਪੰਜਾਬ ਤੇ ਅਕਾਲੀ ਦਲ ਦੇ ਵਕਾਰ ਨਾਲ ਸਮਝੌਤਾ ਨਾ ਕਰਨ ਦੀ ਸ਼ਲਾਘਾ ਕੀਤੀ। ਮੀਟਿੰਗ ‘ਚ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਰਹੇ।
ਸੁਖਬੀਰ ਸਿੰਘ ਬਾਦਲ ਨੇ ਕਿਹਾ, ”ਮੈਂ ਵੀ ਆਸਾਨੀ ਨਾਲ ਭਾਜਪਾ ਨਾਲ ਸਮਝੌਤਾ ਕਰ ਸਕਦਾ ਸੀ, ਪਰ ਮੈਂ ਇਸ ਕਰ ਕੇ ਨਾਂਹ ਕੀਤੀ ਸੀ ਕਿਉਂਕਿ ਮੈਨੂੰ ਕਿਹਾ ਗਿਆ ਸੀ ਕਿ ਮੈਂ ਬੰਦੀ ਸਿੰਘਾਂ, ਪੰਜਾਬ ਦੇ ਦਰਿਆਈ ਪਾਣੀਆਂ, ਇਸ ਦੀ ਰਾਜਧਾਨੀ ਸਮੇਤ ਪੰਜਾਬ ਦੇ ਮਸਲਿਆਂ ‘ਤੇ ਚਰਚਾ ਕੀਤੇ ਬਗੈਰ ਸੀਟਾਂ ਦਾ ਲੈਣ ਦੇਣ ਕਰ ਲਵਾਂ।”
ਬਾਦਲ ਨੇ ਯੂਥ ਅਕਾਲੀ ਦਲ ਦੇ ਆਗੂਆਂ ਵੱਲੋਂ ਪੇਸ਼ ਕੀਤੇ ਸੁਝਾਅ ਸੁਣੇ ਅਤੇ ਚੋਣਾਂ ਵਿਚ ਨੌਜਵਾਨ ਚਿਹਰਿਆਂ ਨੂੰ ਢੁਕਵੀਂ ਪ੍ਰਤੀਨਿਧਤਾ ਦੇ ਕੇ ਨੌਜਵਾਨਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਵਧਾਉਣ ਦਾ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਪਾਰਟੀ ਯੂਥ ਵਿੰਗ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਇਸ ਨੂੰ ਹੋਰ ਮਜ਼ਬੂਤ ਬਣਾਉਣ ਦੇ ਪ੍ਰੋਗਰਾਮ ‘ਤੇ ਕੰਮ ਕਰ ਰਹੀ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੌਕਾਪ੍ਰਸਤ ਤੱਤਾਂ ਵੱਲੋਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਫੇਲ੍ਹ ਕਰਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਤੇ ਕੰਟਰੋਲ ਲਈ ਕੇਂਦਰੀ ਏਜੰਸੀਆਂ ਤੋਂ ਚੌਕਸ ਰਹਿਣ।
ਪਾਰਟੀ ਦਾ ਨੁਕਸਾਨ ਕਰਨ ‘ਚ ਰੱਖੜਾ ਤੇ ਚੰਦੂਮਾਜਰਾ ਸਭ ਤੋਂ ਮੋਹਰੀ : ਸੁਖਬੀਰ ਬਾਦਲ
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ‘ਚ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਪਿੱਛੇ ਵੱਡੇ ਲੋਕਾਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸੁਰਜੀਤ ਸਿੰਘ ਰੱਖੜਾ ਪਹਿਲਾਂ ਇੱਕ ਦੂਜੇ ਨੂੰ ਦੇਖਣਾ ਵੀ ਪਸੰਦ ਨਹੀਂ ਕਰਦੇ ਸਨ ਪਰ ਉਹ ਅੱਜ ਬਗਾਵਤ ਕਰ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿੱਚ ਸਭ ਤੋਂ ਮੋਹਰੀ ਰੋਲ ਨਿਭਾ ਰਹੇ ਹਨ ਤੇ ਦੋਵੇਂ ਆਗੂ ਸ਼੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਲਈ ਸਾਂਝੀਆਂ ਕੋਸ਼ਿਸ਼ਾਂ ਕਰ ਰਹੇ ਹਨ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ, ”ਅਸੀਂ ਫੇਰ ਵੀ ਉਨ੍ਹਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਦਰ ਖੁੱਲ੍ਹੇ ਰੱਖੇ ਹਨ ਉਹ ਕਿਸੇ ਵੇਲੇ ਵੀ ਪਾਰਟੀ ਵਿੱਚ ਆ ਕੇ ਆਪਣੀਆਂ ਸ਼ਿਕਾਇਤਾਂ ਦੱਸ ਸਕਦੇ ਹਨ, ਜਿਨ੍ਹਾਂ ਪ੍ਰਤੀ ਉਹ ਜਵਾਬ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਲੜ ਰਹੀ ਸੁਰਜੀਤ ਕੌਰ ਤੋਂ ਸਮਰਥਨ ਵਾਪਸ ਲੈਣ ਦਾ ਫੈਸਲਾ ਪਾਰਟੀ ਦਾ ਹੈ।

 

Check Also

ਪੰਜਾਬ ’ਚ ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ : ਅਮਨ …