Breaking News
Home / ਪੰਜਾਬ / ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਖਿਮਾ ਯਾਚਨਾ

ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਖਿਮਾ ਯਾਚਨਾ

ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਖਿਮਾ ਯਾਚਨਾ ਪੱਤਰ ਵੀ ਸੌਂਪਿਆ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵਿਚਾਲੇ ਪੈਦਾ ਹੋਇਆ ਸੰਕਟ ਉਸ ਵੇਲੇ ਹੋਰ ਡੂੰਘਾ ਹੋ ਗਿਆ ਜਦੋਂ ਨਾਰਾਜ਼ ਅਕਾਲੀ ਆਗੂਆਂ ਦੇ ਧੜੇ ਨੇ ਅੱਜ ਇੱਥੇ ਅਕਾਲ ਤਖਤ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਖਿਮਾ ਯਾਚਨਾ ਪੱਤਰ ਸੌਂਪਿਆ ਤੇ ਅਕਾਲੀ ਸਰਕਾਰ ਵੇਲੇ ਹੋਈਆਂ ਵੱਡੀਆਂ ਗਲਤੀਆਂ ਤੇ ਭੁੱਲਾਂ ਦਾ ਇੰਕਸ਼ਾਫ ਕੀਤਾ। ਉਨ੍ਹਾਂ ਨੇ ਦੀ ਖਿਮਾ ਲਈ ਅਰਦਾਸ ਵੀ ਕੀਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਪੱਧਰ ‘ਤੇ ਹੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰ ਕੇ ਭੁੱਲਾਂ ਦੀ ਖਿਮਾ ਯਾਚਨਾ ਕੀਤੀ ਜਾ ਚੁੱਕੀ ਹੈ ਪਰ ਉਸ ਵੇਲੇ ਕਿਹੜੀਆਂ-ਕਿਹੜੀਆਂ ਭੁੱਲਾਂ ਤੇ ਗਲਤੀਆਂ ਹੋਈਆਂ ਹਨ, ਉਨ੍ਹਾਂ ਬਾਰੇ ਕਦੇ ਖੁਲਾਸਾ ਨਹੀਂ ਕੀਤਾ ਗਿਆ ਸੀ ਪਰ ਹੁਣ ਬਾਗੀ ਧੜੇ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਜਥੇਦਾਰ ਨੂੰ ਪੱਤਰ ਸੌਂਪਣ ਵਾਲਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਗੁਰਪ੍ਰਤਾਪ ਸਿੰਘ ਵਡਾਲਾ, ਸਰਵਣ ਸਿੰਘ ਫਿਲੌਰ, ਚਰਨਜੀਤ ਸਿੰਘ ਬਰਾੜ, ਸੁਖਵੰਤ ਸਿੰਘ, ਤਜਿੰਦਰ ਪਾਲ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾਂ, ਰਣਧੀਰ ਸਿੰਘ ਰੱਖੜਾ, ਕਰਨੈਲ ਸਿੰਘ ਪੰਜੋਲੀ ਤੇ ਹੋਰ ਸ਼ਾਮਲ ਸਨ। ਉਨ੍ਹਾਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਚਾਰ ਸਫਿਆਂ ਦਾ ਇੱਕ ਪੱਤਰ ਦਿੱਤਾ ਜਿਸ ਵਿੱਚ ਅਕਾਲੀ ਸਰਕਾਰ ਵੇਲੇ ਹੋਈਆਂ ਗਲਤੀਆਂ ਅਤੇ ਭੁੱਲਾਂ ਦਾ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਵਿੱਚ 2007 ਦਾ ਸਲਾਬਤਪੁਰਾ ਕੇਸ, ਜਿਸ ਵਿੱਚ ਡੇਰਾ ਸਿਰਸਾ ਦੇ ਮੁਖੀ ਵੱਲੋਂ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਾਂਗ ਅੰਮ੍ਰਿਤ ਛਕਾਉਣ ਦੀ ਨਕਲ ਕੀਤੀ ਗਈ ਸੀ, ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਸ ਵੇਲੇ ਪੁਲਿਸ ਕੇਸ ਤਾਂ ਦਰਜ ਹੋਇਆ ਸੀ ਪਰ ਜ਼ਿਆਦਾਤਰ ਵਿਅਕਤੀਆਂ ਖਿਲਾਫ ਅਗਲੀ ਕਾਰਵਾਈ ਕਰਨ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਇਹ ਕੇਸ ਵਾਪਸ ਲੈ ਲਿਆ। ਦੂਜਾ ਮਾਮਲਾ 2015 ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਹੈ, ਜਿਸ ਵਿੱਚ ਉਸ ਵੇਲੇ ਦੀ ਅਕਾਲੀ ਸਰਕਾਰ ਅਤੇ ਬਤੌਰ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਂ ਸਿਰ ਸਹੀ ਜਾਂਚ ਕਰਵਾਉਣ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਵਿੱਚ ਅਸਫਲ ਰਹੇ। ਤੀਜਾ ਮਾਮਲਾ ਡੇਰਾ ਸਿਰਸਾ ਦੇ ਮੁਖੀ ਨੂੰ ਬਿਨਾ ਮੰਗਿਆਂ ਮਾਫੀ ਦੇਣ ਸਬੰਧੀ ਹੈ। ਚੌਥਾ ਮਾਮਲਾ ਸੁਮੇਧ ਸੈਣੀ ਨੂੰ ਪੰਜਾਬ ਪੁਲਿਸ ਦਾ ਮੁਖੀ ਬਣਾਉਣ ਅਤੇ ਪੰਜਾਬ ‘ਚ ਹੋਏ ਝੂਠੇ ਮੁਕਾਬਲਿਆਂ ਦੀ ਜਾਂਚ ਲਈ ਜਾਂਚ ਕਮਿਸ਼ਨ ਨਾ ਬਣਾਉਣ ਸਬੰਧੀ ਹੈ।
ਇਸ ਬਾਰੇ ਬੀਬੀ ਜਗੀਰ ਕੌਰ ਅਤੇ ਚੰਦੂਮਾਜਰਾ ਨੇ ਕਿਹਾ ਕਿ ਬਾਗ਼ੀ ਅਕਾਲੀ ਆਗੂਆਂ ਨੇ ਪਾਰਟੀ ਪ੍ਰਧਾਨ ਨੂੰ ਇਸ ਸਬੰਧੀ ਅਕਾਲ ਤਖਤ ਸਾਹਿਬ ਤੋਂ ਭੁੱਲ ਬਖਸ਼ਾਉਣ ਵਾਸਤੇ ਕਈ ਵਾਰ ਕਿਹਾ ਗਿਆ ਪਰ ਉਨ੍ਹਾਂ ਨੇ ਇਹ ਗੱਲ ਅਣਸੁਣੀ ਕਰ ਦਿੱਤੀ ਜਿਸ ਕਾਰਨ ਪੰਜਾਬ ਦੇ ਲੋਕਾਂ ਵਿੱਚ ਪਾਰਟੀ ਪ੍ਰਤੀ ਨਰਾਜ਼ਗੀ ਹੈ। ਇਸ ਦਾ ਸਿੱਟਾ ਇਹ ਨਿਕਲਿਆ ਕਿ ਦੇਸ਼ ਅਤੇ ਪੰਜਾਬ ‘ਚ ਸਿੱਖਾਂ ਦੇ ਮਸਲਿਆਂ ਨੂੰ ਸਰਕਾਰਾਂ ਵੱਲੋਂ ਨਜ਼ਰਅੰਦਾਜ਼ ਕੀਤਾ ਜਾਣ ਲੱਗਾ। ਬਾਗ਼ੀ ਅਕਾਲੀ ਆਗੂਆਂ ਨੇ ਮੰਨਿਆ ਕਿ ਇਸ ਸਾਰੇ ਘਟਨਾਕ੍ਰਮ ਦੌਰਾਨ ਉਹ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਹਿੱਸਾ ਰਹੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਖਿਮਾ ਯਾਚਨਾ ਸਬੰਧੀ ਪੱਤਰ ਸੌਂਪਿਆ ਹੈ ਅਤੇ ਜਥੇਦਾਰ ਰਘਬੀਰ ਸਿੰਘ ਨੇ ਇਸ ਮਾਮਲੇ ਨੂੰ ਵਿਚਾਰਨ ਦਾ ਭਰੋਸਾ ਦਿੱਤਾ ਹੈ। ਇਸ ਦੌਰਾਨ ਅਕਾਲੀ ਦਲ ਦੇ ਬਾਗ਼ੀ ਆਗੂਆਂ ‘ਚੋਂ ਕੁਝ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੂੰ ਵੀ ਮਿਲੇ। ਇਸ ਦੀ ਪੁਸ਼ਟੀ ਕਰਦਿਆਂ ਚੰਦੂਮਾਜਰਾ ਨੇ ਆਖਿਆ ਕਿ ਇਹ ਇੱਕ ਗੈਰ-ਰਸਮੀ ਮੁਲਾਕਾਤ ਸੀ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …