ਸਿਸੋਦੀਆ ਨੇ ਵੀ ਸੁਣਵਾਈ ’ਚ ਦੇਰੀ ਨੂੰ ਲੈ ਕੇ ਸੁਪਰੀਮ ਕੋਰਟ ’ਚ ਪਾਈ ਪਟੀਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਆਪਣੇ ਵਕੀਲਾਂ ਨਾਲ ਦੋ ਵਾਧੂ ਕਾਨੂੰਨੀ ਮੁਲਾਕਾਤਾਂ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਹੈ। ਇਹ ਮਾਮਲਾ 15 ਜੁਲਾਈ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ। ਮੁੱਖ ਮੰਤਰੀ ਕੇਜਰੀਵਾਲ ਦੀ ਅਰਜ਼ੀ ਹੇਠਲੀ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਦਿੱਲੀ ਦੀ ਟਰਾਇਲ ਕੋਰਟ ਵਿਚ ਸੁਣਵਾਈ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਹੁਣ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਹੈ। ਸਿਸੋਦੀਆ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਵਿਚ ਕਿਹਾ ਹੈ ਕਿ ਸ਼ਰਾਬ ਨੀਤੀ ਮਾਮਲੇ ਨੂੰ ਲੈ ਕੇ ਸਿਸੋਦੀਆ 15 ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿਚ ਬੰਦ ਹੈ ਅਤੇ ਟਰਾਇਲ ਕੋਰਟ ਵਿਚ ਉਨ੍ਹਾਂ ਦੀ ਸੁਣਵਾਈ ਨੂੰ ਲੈ ਕੇ ਦੇਰੀ ਹੋ ਰਹੀ ਹੈ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੋਵੇਂ ਹੀ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ।