ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਜਲੰਧਰ/ਬਿਊਰੋ ਨਿਊਜ਼
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਦੱਸਿਆ ਹੈ। ਜਲੰਧਰ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਕ ਚੋਣ ਨੂੰ ਜਿੱਤਣ ਲਈ ਸਾਰੇ ਕਾਨੂੰਨ ਛਿੱਕੇ ਟੰਗ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਸਾਬਤ ਹੋਈ ਹੈ। ਬਾਜਵਾ ਨੇ ਸੂਬਾ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਵੀ ਖਤਮ ਹੋ ਚੁੱਕੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਰਾਜਪਾਲ ਸੂਬੇ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ। ਇਸ ਦੇ ਚੱਲਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੇ ਕਾਰਜਕਾਲ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਹੁਣ ਘਰ ਬੈਠੇ ਲੋਕ ਵੀ ਸੁਰੱਖਿਅਤ ਨਹੀਂ ਹਨ।