ਸਤਸੰਗ ਦੇ ਪ੍ਰਬੰਧਕਾਂ ਨੂੰ ਹਾਦਸੇ ਲਈ ਮੰਨਿਆ ਗਿਆ ਜ਼ਿੰਮੇਵਾਰ
ਲਖਨਊ/ਬਿਊਰੋ ਨਿਊਜ਼ : ਹਾਥਰਸ ਭਗਦੜ ਮਾਮਲੇ ਦੀ ਸਿੱਟ ਵੱਲੋਂ ਕੀਤੀ ਗਈ ਜਾਂਚ ਦੀ ਰਿਪੋਰਟ ਮੁੱਖ ਮੰਤਰੀ ਯੋਗੀ ਅੱਦਿਤਿਆ ਨਾਥ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਸੌਂਪ ਦਿੱਤੀ ਗਈ ਹੈ। 300 ਪੰਨਿਆਂ ਦੀ ਜਾਂਚ ਰਿਪੋਰਟ ਵਿਚ ਸਿੱਟ ਵੱਲੋਂ ਲਗਭਗ 119 ਵਿਅਕਤੀਆਂ ਦੇ ਬਿਆਨ ਦਰਜ ਕੀਤੇ ਗਏ ਹਨ। ਮੀਡੀਆ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਤਸੰਗ ਵਿਚ ਮਚੀ ਭਗਦੜ ਦਾ ਮੁੱਖ ਕਾਰਨ ਕਮੇਟੀ ਵੱਲੋਂ ਮੌਕੇ ਦਾ ਮੁਆਇਨਾ ਕੀਤੇ ਬਿਨਾ ਹੀ ਗਿਣਤੀ ਤੋਂ ਜ਼ਿਆਦਾ ਲੋਕਾਂ ਨੂੰ ਇਕੱਠੇ ਕਰਨਾ ਅਤੇ ਪੁਖਤਾ ਪ੍ਰਬੰਧ ਨਾ ਕਰਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਸਆਈਟੀ ਨੇ ਸਤਸੰਗ ਦੇ ਪ੍ਰਬੰਧਕਾਂ ਨੂੰ ਹਾਦਸੇ ਦਾ ਮੁੱਖ ਦੋਸ਼ੀ ਮੰਨਿਆ ਹੈ। ਭਗਦੜ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਲਿਸਟ ਵੀ ਤਿਆਰ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਖਿਲਾਫ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ। ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅੱਦਿਤਿਆ ਵੱਲੋਂ ਜਲਦੀ ਹੀ ਰਿਪੋਰਟ ’ਤੇ ਚਰਚਾ ਕੀਤੀ ਜਾਵੇਗੀ ਅਤੇ ਹਾਦਸੇ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ਼ ਬਣਦੀ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ। ਧਿਆਨ ਰਹੇ ਕਿ ਹਾਥਰਸ ਵਿਚ ਭੋਲੇ ਬਾਬਾ ਦੇ ਸਤਸੰਗ ਦੌਰਾਨ ਭਗਦੜ ਮਚਣ ਕਾਰਨ ਲੰਘੇ ਦਿਨੀਂ 122 ਵਿਅਕਤੀਆਂ ਦੀ ਮੌਤ ਹੋ ਗਈ ਸੀ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …