ਭਗਵੰਤ ਮਾਨ ਸਰਕਾਰ ਰਣਨੀਤੀ ਬਣਾਉਣ ਵਿਚ ਜੁਟੀ
ਚੰਡੀਗੜ੍ਹ/ਬਿਊਰੋ ਨਿਊਜ਼
16ਵਾਂ ਵਿੱਤ ਕਮਿਸ਼ਨ ਇਸੇ ਮਹੀਨੇ ਪੰਜਾਬ ਦਾ ਦੌਰਾ ਕਰੇਗਾ। ਕਮਿਸ਼ਨ ਦੇ ਮੈਂਬਰ 22 ਅਤੇ 23 ਜੁਲਾਈ ਨੂੰ ਪੰਜਾਬ ਵਿਚ ਰਹਿਣਗੇ। ਇਸ ਦੌਰੇ ਨੂੰ ਲੈ ਕੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਰਣਨੀਤੀ ਵੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ 16 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਕ ਉਚ ਪੱਧਰੀ ਬੈਠਕ ਵੀ ਹੋਣ ਜਾ ਰਹੀ ਹੈ। ਇਸ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਰਹਿਣਗੇ। ਪੰਜਾਬ ਸਰਕਾਰ ਵਲੋਂ ਵਿੱਤ ਕਮਿਸ਼ਨ ਦੇ ਸਾਹਮਣੇ ਇਕ ਮਜ਼ਬੂਤ ਪੱਖ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਕਿ ਆਯੋਗ ਦੇ ਮੈਂਬਰਾਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ। ਸੂਬਾ ਸਰਕਾਰ ਕਮਿਸ਼ਨ ਦੇ ਸਾਹਮਣੇ ਕੇਂਦਰ ਵਲੋਂ ਰੋਕੇ ਗਏ ਪੰਜਾਬ ਦੇ ਫੰਡਾਂ ਅਤੇ ਆਪਣੀਆਂ ਜ਼ਰੂਰਤਾਂ ਦਾ ਪੂਰਾ ਬਿਓਰਾ ਪੇਸ਼ ਕਰੇਗੀ। ਮਿਲੀ ਜਾਣਕਾਰੀ ਮੁਤਾਬਕ ਇਸ ਸਮੇਂ ਪੰਜਾਬ ਦੇ ਸਿਰ ਕਰੀਬ 3.50 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ ਅਤੇ 23 ਹਜ਼ਾਰ ਕਰੋੜ ਰੁਪਏ ਸਿਰਫ ਵਿਆਜ਼ ਦੇਣ ’ਤੇ ਹੀ ਖਰਚ ਹੋ ਰਹੇ ਹਨ।