Breaking News
Home / ਪੰਜਾਬ / ਕਿਸਾਨਾਂ ਨੇ ‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ

ਕਿਸਾਨਾਂ ਨੇ ‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ

ਸੰਸਦ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀ ਆਵਾਜ਼ ਬੁਲੰਦ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਪੰਜਾਬ ਸਣੇ 12 ਸੂਬਿਆਂ ਵਿੱਚ ‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਦੇ 13, ਚੰਡੀਗੜ੍ਹ ਦੇ 1, ਹਰਿਆਣਾ ਦੇ 5, ਰਾਜਸਥਾਨ ਦੇ 11, ਉੱਤਰ ਪ੍ਰਦੇਸ਼ ਦੇ 20, ਮੱਧ ਪ੍ਰਦੇਸ਼ ਦੇ 1 (ਰਾਜ ਸਭਾ ਮੈਂਬਰ), ਬਿਹਾਰ ਦੇ 6, ਕਰਨਾਟਕ ਦੇ 12, ਤਿਲੰਗਨਾ ਦੇ 10, ਮਹਾਰਾਸ਼ਟਰ ਦੇ 5, ਕੇਰਲ ਦੇ 19 ਅਤੇ ਤਾਮਿਲਨਾਡੂ ਦੇ 29 ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੰਸਦ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਗਈ ਹੈ।
ਇਸ ਮੰਗ ਪੱਤਰ ਵਿੱਚ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ‘ਤੇ ਖਰੀਦ ਬਾਰੇ ਗਾਰੰਟੀ ਕਾਨੂੰਨ ਬਣਾਉਣ, ਮਜ਼ਦੂਰਾਂ ਲਈ ਮਗਨਰੇਗਾ ਸਕੀਮ ਤਹਿਤ ਹਰ ਸਾਲ 200 ਦਿਨ ਰੁਜ਼ਗਾਰ ਅਤੇ 700 ਰੁਪਏ ਦਿਹਾੜੀ ਕਰਨ, ਕਿਸਾਨ ਅਤੇ ਖੇਤ ਮਜ਼ਦੂਰ ਦਾ ਕਰਜ਼ਾ ਖ਼ਤਮ ਕਰਨ, ਆਦਿਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸੰਵਿਧਾਨ ਦੀ 5ਵੀਂ ਸੂਚੀ ਲਾਗੂ ਕਰਨ, ਭਾਰਤ ਨੂੰ ਵਿਸ਼ਵ ਵਪਾਰ ਸੰਸਥਾ ‘ਚੋ ਬਾਹਰ ਕਰਨ ਸਮੇਤ ਹੋਰ ਮੰਗਾਂ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਸੰਸਦ ਮੈਂਬਰਾਂ ਨੂੰ 22 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਲੋਕ ਸਭਾ ਸੈਸ਼ਨ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਅਤਿਆਚਾਰ ਕਰਨ ਵਾਲੇ ਪੁਲੀਸ ਅਫਸਰਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਸੰਸਦ ਵਿੱਚ ਚੁੱਕੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੂਜੇ ਕਿਸਾਨ ਅੰਦੋਲਨ ਦੇ ਸ਼ੁਰੂਆਤੀ ਗੇੜ ਵਿੱਚ ਭਾਜਪਾ ਸਰਕਾਰ ਨੇ ‘ਦਿੱਲੀ ਚਲੋ’ ਮਾਰਚ ਰੋਕਣ ਲਈ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆਂ ਚਲਾ ਕੇ ਅਤੇ ਜ਼ਹਿਰੀਲੀਆਂ ਗੈਸਾਂ ਦੀ ਵਰਤੋਂ ਕਰ ਕੇ ਕਿਸਾਨਾਂ ‘ਤੇ ਤਸ਼ੱਦਦ ਕੀਤਾ ਸੀ ਜਿਸ ਕਾਰਨ 22 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਜਦਕਿ ਕਈ ਹੋਰ ਜ਼ਖ਼ਮੀ ਹੋ ਗਏ ਸਨ। ਕਿਸਾਨ ਆਗੂਆਂ ਨੇ ਸੰਸਦ ਮੈਂਬਰਾਂ ਤੋਂ ਸੰਸਦ ਵਿੱਚ ਕਿਸਾਨ ਮੰਗਾਂ ਬਾਰੇ ਇੱਕ ਪ੍ਰਾਈਵੇਟ ਬਿੱਲ ਲਿਆਉਣ ਦੀ ਵੀ ਮੰਗ ਕੀਤੀ।
ਪੰਧੇਰ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਸੰਸਦ ਮੈਂਬਰ ਗੁਰਜੀਤ ਔਜਲਾ ਦੇ ਘਰ ਅੱਗੇ ਵੱਡੀ ਗਿਣਤੀ ਕਿਸਾਨ ਅਤੇ ਮਜ਼ਦੂਰ ਮੰਗ ਪੱਤਰ ਦੇਣ ਪਹੁੰਚੇ ਪਰ ਸੰਸਦ ਮੈਂਬਰ ਘਰ ਮੌਜੂਦ ਨਹੀਂ ਸਨ। ਇਸ ਦੌਰਾਨ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਕਰ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੰਗ ਪੱਤਰ ਸੌਂਪਿਆ ਗਿਆ।
ਚੰਨੀ ਨੂੰ ਮੰਗ ਪੱਤਰ ਸੌਂਪਿਆ
ਜਲੰਧਰ : ਕਿਸਾਨ ਜਥੇਬੰਦੀਆਂ ਨੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਸੌਂਪ ਕੇ 22 ਜੁਲਾਈ ਤੋਂ ਚੱਲਣ ਵਾਲੇ ਲੋਕ ਸਭਾ ਸੈਸ਼ਨ ਵਿੱਚ ਕਿਸਾਨੀ ਮੁੱਦੇ ਚੁੱਕਣ ਲਈ ਜ਼ੋਰ ਪਾਇਆ। ਇਸ ਦੌਰਾਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਕਿ ਸੰਸਦ ਵਿੱਚ ਕਿਸਾਨੀ ਮੁੱਦਿਆਂ ਬਾਰੇ ਬਿੱਲ ਲਿਆਂਦਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸੰਸਦ ਮੈਂਬਰ ਇਜਲਾਸ ਵਿੱਚ ਕਿਸਾਨੀ ਮੰਗਾਂ ਨਹੀਂ ਚੁੱਕਣਗੇ, ਉਨ੍ਹਾਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ।

 

Check Also

ਸੁਨਾਮ ’ਚ ਮਨਰੇਗਾ ਮਜ਼ਦੂਰਾਂ ’ਤੇ ਜਾ ਚੜ੍ਹਿਆ ਟਰੱਕ-4 ਮੌਤਾਂ

ਦੁਪਹਿਰ ਦਾ ਖਾਣਾ ਖਾ ਰਹੇ ਮਨਰੇਗਾ ਮਜ਼ਦੂਰਾਂ ਨੂੰ ਟਰੱਕ ਨੇ ਦਰੜਿਆ ਸੁਨਾਮ/ਬਿਊਰੋ ਨਿਊਜ਼ ਸੁਨਾਮ ਵਿਚ …