Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਸੌਂਪਿਆ 1 ਕਰੋੜ ਦਾ ਚੈੱਕ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਸੌਂਪਿਆ 1 ਕਰੋੜ ਦਾ ਚੈੱਕ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ‘ਤੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਚੈੱਕ ਅਤੇ ਉਨ੍ਹਾਂ ਦੀ ਭੈਣ ਗੁਰਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਵਿੱਚ ਸਰਕਾਰੀ ਨੌਕਰੀ ਸਬੰਧੀ ਨਿਯੁਕਤੀ-ਪੱਤਰ ਦੇ ਦਿੱਤਾ ਹੈ। ਮੁੱਖ ਮੰਤਰੀ ਵੱਲੋਂ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਵਿਧਾਨ ਸਭਾ ਇਜਲਾਸ ਦੌਰਾਨ ਮਤਾ ਲਿਆਉਣ ਦਾ ਵਾਅਦਾ ਵੀ ਕੀਤਾ ਗਿਆ। ਉਧਰ, ਕਿਸਾਨ ਜਥੇਬੰਦੀਆਂ ਨੇ ਇਹ ਮੰਗਾਂ ਮੰਨੇ ਜਾਣ ਮਗਰੋਂ ਬਠਿੰਡਾ ਦੇ ਡੀਸੀ ਤੇ ਐੱਸਐੱਸਪੀ ਦਫ਼ਤਰ ਦੇ ਘਿਰਾਓ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ।
ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਦਿੱਲੀ ਕੂਚ ਸਮੇਂ 21 ਫਰਵਰੀ ਨੂੰ ਹਰਿਆਣਾ ਸਰਕਾਰ ਦੀ ਗੋਲੀ ਨਾਲ ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਸ਼ੁਭਕਰਨ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਸ਼ਹੀਦ ਦਾ ਦਰਜਾ ਦੇਣ, ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਇਸ ਵਾਅਦਾਖਿਲਾਫੀ ਵਿਰੁੱਧ ਦੋਵਾਂ ਜਥੇਬੰਦੀਆਂ ਵੱਲੋਂ 12 ਜੁਲਾਈ ਨੂੰ ਡੀਸੀ ਤੇ ਐੱਸਐੱਸਪੀ ਦਫ਼ਤਰ ਬਠਿੰਡਾ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੈਅ ਕਰਵਾਈ ਗਈ। ਮੁੱਖ ਮੰਤਰੀ ਨੇ ਸ਼ਹੀਦ ਸ਼ੁਭਕਰਨ ਸਿੰਘ ਦੇ ਪਿਤਾ ਚਰਨਜੀਤ ਸਿੰਘ ਨੂੰ ਇੱਕ ਕਰੋੜ ਰੁਪਏ ਦੇ ਮੁਆਵਜ਼ੇ ਦਾ ਚੈੱਕ ਅਤੇ ਉਨ੍ਹਾਂ ਦੀ ਭੈਣ ਗੁਰਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਵਿੱਚ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ। ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਇਜਲਾਸ ਵਿੱਚ ਮਤਾ ਲਿਆ ਕੇ ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਦਾ ਵਾਅਦਾ ਵੀ ਕੀਤਾ ਗਿਆ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਕਿਸਾਨ ਸ਼ੁਭਕਰਨ ਨੇ ਖਨੌਰੀ ਸਰਹੱਦ ‘ਤੇ ਕਿਸਾਨ ਸੰਘਰਸ਼ ਦੌਰਾਨ ਗੋਲੀਬਾਰੀ ਵਿੱਚ ਸ਼ਹਾਦਤ ਦਿੱਤੀ ਹੈ। ਇਸ ਘਟਨਾ ਨੇ ਸਮੂਹ ਪੰਜਾਬੀਆਂ ਨੂੰ ਠੇਸ ਪਹੁੰਚਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਸ਼ਹਾਦਤ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਜਿਸ ਦੀ ਕਿਸੇ ਵੀ ਕੀਮਤ ‘ਤੇ ਭਰਪਾਈ ਨਹੀਂ ਕੀਤੀ ਜਾ ਸਕਦੀ। ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਜੀਅ ਨੂੰ ਸਰਕਾਰੀ ਨੌਕਰੀ ਦੇਣਾ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਦਾ ਨਿਮਾਣਾ ਜਿਹਾ ਯਤਨ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸਾਨ ਨੇ ਦੇਸ਼ ਦੇ ਕਿਸਾਨਾਂ ਦੀ ਖਾਤਰ ਵੱਡੀ ਕੁਰਬਾਨੀ ਦਿੱਤੀ ਹੈ, ਜਿਸ ਕਰਕੇ ਪਰਿਵਾਰ ਦੀ ਮਦਦ ਕਰਨਾ ਸਰਕਾਰ ਆਪਣਾ ਫਰਜ਼ ਸਮਝਦੀ ਹੈ। ਮੁੱਖ ਮੰਤਰੀ ਨਾਲ ਮੀਟਿੰਗ ਮੌਕੇ ਜਗਜੀਤ ਸਿੰਘ ਡੱਲੇਵਾਲ, ਮਨਜੀਤ ਸਿੰਘ ਰਾਏ, ਸੁਖਜੀਤ ਸਿੰਘ ਹਰਦੋਝੰਡੇ ਆਦਿ ਆਗੂ ਮੌਜੂਦ ਸਨ।
ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਨੇ ਜੁਆਇਨ ਕੀਤੀ ਪੁਲਿਸ ਦੀ ਨੌਕਰੀ
ਬਠਿੰਡਾ : ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਸ਼ਹੀਦ ਹੋਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੇ ਵੀਰਵਾਰ ਨੂੰ ਪੰਜਾਬ ਪੁਲਿਸ ਦੀ ਨੌਕਰੀ ਜੁਆਇਨ ਕਰ ਲਈ। ਡਿਊਟੀ ਜੁਆਇਨ ਕਰਨ ਲਈ ਗੁਰਪ੍ਰੀਤ ਕੌਰ ਆਪਣੇ ਪਿਤਾ ਦੇ ਨਾਲ ਬਠਿੰਡਾ ਪੁਲਿਸ ਲਾਈਨ ਵਿਖੇ ਪਹੁੰਚੀ। ਇਸ ਮੌਕੇ ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਸ਼ੱਕ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ ਪਰ ਇਹ ਖੁਸ਼ੀ ਹੋਰ ਵੀ ਜ਼ਿਆਦਾ ਹੁੰਦੀ ਜੇਕਰ ਮੇਰਾ ਭਰਾ ਸ਼ੁਭਕਰਨ ਸਿੰਘ ਅੱਜ ਸਾਡੇ ਵਿਚਕਾਰ ਮੌਜੂਦ ਹੁੰਦਾ। ਉਨ੍ਹਾਂ ਕਿਹਾ ਕਿ ਸ਼ੁਭਕਰਨ ਸਿੰਘ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …