ਪੰਜਾਬ ਦੇ 4 ਹੋਰ ਵਿਧਾਨ ਸਭਾ ਹਲਕਿਆਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ
ਜਲੰਧਰ/ਬਿਊਰੋ ਨਿਊਜ਼
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਤੇ ਲੰਘੀ 10 ਜੁਲਾਈ ਨੂੰ ਜ਼ਿਮਨੀ ਚੋਣ ਲਈ ਵੋਟਾਂ ਪਈਆਂ ਸਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ ਭਲਕੇ 13 ਜੁਲਾਈ ਨੂੰ ਆ ਜਾਣਗੇ। ਵੋਟਾਂ ਦੀ ਗਿਣਤੀ ਲਈ ਚੋਣ ਕਮਿਸ਼ਨ ਵਲੋਂ ਤਿਆਰੀਆਂ ਕਰ ਲਈਆਂ ਹਨ ਅਤੇ ਈਵੀਐਮ ਵੀ ਸਖਤ ਸੁਰੱਖਿਆ ਦੇ ਪਹਿਰੇ ਹੇਠ ਰੱਖੀਆਂ ਗਈਆਂ ਹਨ। ਈਵੀਐਮ ਦੀ ਨਿਗਰਾਨੀ ਸੀਸੀ ਟੀਵੀ ਕੈਮਰਿਆਂ ਰਾਹੀਂ ਵੀ ਕੀਤੀ ਜਾ ਰਹੀ ਹੈ। ਸਟਰੌਂਗ ਰੂਮਾਂ ਦੀ ਸੁਰੱਖਿਆ ਕੇਂਦਰੀ ਸੁਰੱਖਿਆ ਬਲਾਂ ਦੇ ਹੱਥਾਂ ਵਿਚ ਹੈ, ਜਦੋਂ ਕਿ ਬਾਹਰਲੀ ਗੇਟਾਂ ’ਤੇ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਭਲਕੇ 13 ਜੁਲਾਈ ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਦੀ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਵਲੋਂ ਅਸਤੀਫਾ ਤੋਂ ਬਾਅਦ ਖਾਲੀ ਹੋ ਗਈ ਸੀ ਅਤੇ ਇਸ ਸੀਟ ’ਤੇ ਜ਼ਿਮਨੀ ਚੋਣ ਲਈ ਵੋਟਾਂ ਪਈਆਂ ਹਨ। ਉਧਰ ਦੂਜੇ ਪਾਸੇ ਪੰਜਾਬ ਦੇ ਚਾਰ ਹੋਰ ਵਿਧਾਨ ਸਭਾ ਹਲਕਿਆਂ ਬਰਨਾਲਾ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿਚ ਵੀ ਜ਼ਿਮਨੀ ਚੋਣਾਂ ਦਾ ਐਲਾਨ ਕਿਸੇ ਸਮੇਂ ਵੀ ਚੋਣ ਕਮਿਸ਼ਨ ਵਲੋਂ ਕੀਤਾ ਜਾ ਸਕਦਾ ਹੈ। ਇਨ੍ਹਾਂ ਚਾਰਾਂ ਹਲਕਿਆਂ ਦੇ ਵਿਧਾਇਕਾਂ ਨੇ ਲੋਕ ਸਭਾ ਚੋਣ ਜਿੱਤੀ ਸੀ ਅਤੇ ਇਹ ਚਾਰੇ ਸੀਟਾਂ ਹੁਣ ਖਾਲੀ ਹੋ ਗਈਆਂ ਹਨ।