
15 ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਦੇ ਆਦੇਸ਼
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਸੋਮਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਹੈ। ਇਸ ਮੌਕੇ ਲਏ ਗਏ ਫੈਸਲਿਆਂ ਵਿਚ ਪਿਛਲੇ ਦਿਨੀਂ ਬਾਗੀ ਅਕਾਲੀ ਗਰੁੱਪ ਵਲੋਂ ਲਾਏ ਗਏ ਆਰੋਪਾਂ ਸੰਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਅੰਦਰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਗਿਆ ਹੈ। ਇਸਦੇ ਨਾਲ ਹੀ ਡੇਰਾ ਮੁਖੀ ਦੀ ਮੁਆਫੀ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਲੋਂ ਦਿੱਤੇ ਗਏ ਇਸ਼ਤਿਹਾਰਾਂ ਸੰਬੰਧੀ ਵੀ ਸ਼੍ਰੋਮਣੀ ਕਮੇਟੀ ਨੂੰ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਹੈ। ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿੰਘ ਸਾਹਿਬਾਨ ਵਲੋਂ 24 ਘੰਟੇ ਗੁਰਦੁਆਰਾ ਸਾਹਿਬਾਨ ਦੀ ਪਹਿਰੇਦਾਰੀ ਕਰਨ ਦਾ ਵੀ ਆਦੇਸ਼ ਕੀਤਾ ਗਿਆ। ਇਸੇ ਦੌਰਾਨ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਅਤੇ ਜਗਜੀਤ ਸਿੰਘ ਸਮੇਤ ਦੋ ਵਿਅਕਤੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਪਾਲਣ ਨਾ ਕਰਨ ਦੇ ਆਰੋਪਾਂ ਤਹਿਤ ਧਾਰਮਿਕ ਸਜ਼ਾ ਸੁਣਾਈ ਗਈ। ਇਨ੍ਹਾਂ ਨੂੰ 11 ਦਿਨ ਨਿਤਨੇਮ ਦੇ ਪਾਠ ਤੋਂ ਇਲਾਵਾ ਇਕ ਸ੍ਰੀ ਜਪੁਜੀ ਸਾਹਿਬ ਦਾ ਹੋਰ ਪਾਠ ਕਰਨ, ਇਕ ਘੰਟਾ ਕੀਰਤਨ ਸਰਵਣ ਕਰਨ ਤੇ ਸੰਗਤਾਂ ਦੇ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਲਾਈ ਗਈ।