ਪੰਜਾਬ ਦਾ ਵਿਕਾਸ ਏਜੰਡਾ ਵਧਦਾ ਰਹੇਗਾ : ਰਵਨੀਤ ਬਿੱਟੂ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਵਿਚ ਫੂਡ ਮੰਤਰਾਲੇ ਵਲੋਂ ਕਾਰੋਬਾਰੀਆਂ ਦੀ ਇਕ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਵਿਚ ਕੇਂਦਰੀ ਫੂਡ ਐਂਡ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਪਹੁੰਚੇ। ਰਵਨੀਤ ਬਿੱਟੂ ਨੇ ਪੰਜਾਬ ਵਿਚ ਫੂਡ ਟੈਸਟਿੰਗ ਲੈਬ ਖੋਲ੍ਹਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਫੂਡ ਮੰਤਰਾਲੇ ਵਲੋਂ ਮਿਲਣ ਵਾਲੀਆਂ ਯੋਜਨਾਵਾਂ ਨੂੰ ਹੁਣ ਘਰ-ਘਰ ਪਹੁੰਚਾਇਆ ਜਾ ਰਿਹਾ ਹੈ, ਜਿਸਦੇ ਲਈ ਉਨ੍ਹਾਂ ਨੇ ਅਫਸਰਾਂ ਨੂੰ ਹਦਾਇਤਾਂ ਵੀ ਦੇ ਦਿੱਤੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਦਿੱਲੀ ਦੇ ਪ੍ਰਗਤੀ ਮੈਦਾਨ ਵਿਚ 19 ਸਤੰਬਰ ਤੋਂ ਤਿੰਨ ਦਿਨਾਂ ਵਰਲਡ ਫੂਡ ਇੰਡੀਆ 2024 ਮੈਗਾ ਫੂਡ ਈਵੈਂਟ ਦਾ ਆਯੋਜਨ ਕੀਤਾ ਜਾਵੇਗਾ। ਬਿੱਟੂ ਨੇ ਪੰਜਾਬ ਦੇ ਸਾਰੇ ਕਾਰੋਬਾਰੀਆਂ ਨੂੰ ਇਸ ਈਵੈਂਟ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਦੇ ਲਈ ਉਨ੍ਹਾਂ ਦਾ ਕੰਮ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਭਾਜਪਾ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਲੋਕ ਸਭਾ ਚੋਣ ਲੜਾਈ ਸੀ। ਭਾਵੇਂ ਰਵਨੀਤ ਬਿੱਟੂ ਚੋਣ ਹਾਰ ਗਏ ਸਨ, ਪਰ ਫਿਰ ਵੀ ਭਾਜਪਾ ਨੇ ਉਨ੍ਹਾਂ ਨੂੰ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਦੇ ਦਿੱਤਾ ਹੈ।