ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਹਨ ਸੁਖਵਿੰਦਰ ਕੋਟਲੀ
ਜਲੰਧਰ/ਬਿਊਰੋ ਨਿਊਜ਼
ਜਲੰਧਰ ਵਿਚ ਪੈਂਦੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਦੋ ਸਥਾਈ ਸੰਮਤੀਆਂ ਦਾ ਮੈਂਬਰ ਚੁਣਿਆ ਗਿਆ ਹੈ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬ ਪੰਚਾਇਤੀ ਰਾਜ ਅਤੇ ਪੰਜਾਬ ਸਮਾਜ ਕਲਿਆਣ ਸੰਮਤੀ ਦੇ ਮੈਂਬਰ ਦੇ ਰੂਪ ਵਿਚ ਚੁਣਿਆ ਗਿਆ ਹੈ। ਇਸੇ ਦੌਰਾਨ ਵਿਧਾਇਕ ਸੁਖਵਿੰਦਰ ਕੋਟਲੀ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਵਿਧਾਨ ਸਭਾ ਦੀ ਪੰਜਾਬ ਰਾਜ ਅਤੇ ਪੰਜਾਬ ਸਮਾਜ ਕਲਿਆਣ ਸੰਮਤੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਕੋਟਲੀ ਨੇ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਸੰਮਤੀ ਦੇ ਸਾਹਮਣੇ ਜਨਹਿੱਤ ਸਬੰਧੀ ਮੁੱਦੇ ਉਠਾਉਂਦੇ ਰਹਿਣਗੇ। ਧਿਆਨ ਰਹੇ ਕਿ ਸੁਖਵਿੰਦਰ ਸਿੰਘ ਕੋਟਲੀ ਪਹਿਲਾਂ ਬਹੁਜਨ ਸਮਾਜ ਪਾਰਟੀ ਵਿਚ ਸਨ ਅਤੇ ਫਿਰ ਉਨ੍ਹਾਂ ਨੇ ਕਾਂਗਰਸ ਪਾਰਟੀ ਜੁਆਇਨ ਕਰ ਲਈ ਸੀ।