ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ ਹਨ ਮਹਿੰਦਰ ਭਗਤ
ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤ ਕੇ ਵਿਧਾਇਕ ਬਣੇ ਮਹਿੰਦਰ ਭਗਤ ਨੇ ਅੱਜ ਵਿਧਾਇਕ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਨ੍ਹਾਂ ਨੂੰ ਆਪਣੇ ਦਫ਼ਤਰ ਵਿਚ ਵਿਧਾਇਕ ਵਜੋਂ ਸਹੁੰ ਚੁਕਾਈ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਤੋਂ ਪਹਿਲਾਂ ਮਹਿੰਦਰ ਭਗਤ ਨੇ ਆਪਣੇ ਪਰਿਵਾਰ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਲੰਘੀ 10 ਜੁਲਾਈ ਨੂੰ ਵੋਟਾਂ ਪਾਈਆਂ ਗਈਆਂ ਸਨ। 13 ਜੁਲਾਈ ਨੂੰ ਐਲਾਨੇ ਗਏ ਨਤੀਜੇ ਅਨੁਸਾਰ ਮਹਿੰਦਰ ਭਗਤ ਨੇ 55,246 ਵੋਟਾਂ ਹਾਸਲ ਕਰਕੇ ਵੱਡੀ ਜਿੱਤ ਪ੍ਰਾਪਤ ਕੀਤੀ ਸੀ। ਉਨ੍ਹਾਂ ਆਪਣੇ ਵਿਰੋਧੀ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 37,325 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ ਜਦਕਿ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਤੀਜੇ ਨੰਬਰ ’ਤੇ ਰਹੇ ਸਨ। ਜਲੰਧਰ ਪੱਛਮੀ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਖਾਲੀ ਹੋਈ ਸੀ।
Check Also
ਚੀਨ ਨੇ ਅਮਰੀਕਾ ’ਤੇ ਲਗਾਇਆ 125% ਟੈਰਿਫ
ਜਿੰਨਪਿੰਗ ਬੋਲੇ – ਅਸੀਂ ਦਬਾਅ ਦੇ ਅੱਗੇ ਨਹੀਂ ਝੁਕਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਅਤੇ ਚੀਨ …