ਲਗਾਤਾਰ ਹਾਰ ਤੋਂ ਬਾਅਦ ਪਾਰਟੀ ’ਚ ਹੋਈ ਹੈ ਬਗਾਵਤ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਵਿਚ ਹੋਈ ਬਗਾਵਤ ਕਰਕੇ ਪਾਰਟੀ ਵਿਚ ਉਲਝਣ ਵਾਲੀ ਸਥਿਤੀ ਬਣੀ ਹੋਈ ਹੈ। ਬਾਗੀ ਧੜੇ ਦੇ ਆਗੂ ਪਾਰਟੀ ਦੀ ਹੋਈ ਮਾੜੀ ਹਾਲਤ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਦੱਸ ਰਹੇ ਹਨ। ਸ਼ੋ੍ਰਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂਆਂ ਨੇ ਸੁਖਬੀਰ ਬਾਦਲ ਕੋਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫੇ ਦੀ ਮੰਗ ਕੀਤੀ ਹੈ ਅਤੇ ਉਹ ਆਪਣੀ ਮੰਗ ’ਤੇ ਅੜੇ ਹੋਏ ਹਨ। ਪਾਰਟੀ ਵਿਚ ਹੋਈ ਬਗਾਵਤ ਦਾ ਅਸਰ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੌਰਾਨ ਵੀ ਦੇਖਿਆ ਗਿਆ ਹੈ ਤੇ ਇੱਥੇ ਅਕਾਲੀ ਉਮੀਦਵਾਰ ਦੀ ਜ਼ਮਾਨਤ ਹੀ ਜ਼ਬਤ ਹੋ ਗਈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਹ ਬਗਾਵਤ ਨਾ ਰੁਕੀ ਤਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਸ਼ੋ੍ਰਮਣੀ ਅਕਾਲੀ ਦਲ ਲਈ ਵੱਡੀ ਚੁਣੌਤੀ ਬਣ ਜਾਣਗੀਆਂ। ਪਿਛਲੇ ਦਿਨੀਂ ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂਆਂ ਨੇ ਸੁਖਬੀਰ ਬਾਦਲ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ’ਤੇ ਸ਼ਿਕਾਇਤ ਵੀ ਦਿੱਤੀ ਸੀ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਵੀ ਕੀਤਾ ਹੋਇਆ ਹੈ।