Breaking News
Home / ਕੈਨੇਡਾ / Front / ਬਜਟ ਇਜਲਾਸ ਤੋਂ ਪਹਿਲਾਂ ਨਵੀਂ ਦਿੱਲੀ ’ਚ ਸਰਬ ਪਾਰਟੀ ਬੈਠਕ

ਬਜਟ ਇਜਲਾਸ ਤੋਂ ਪਹਿਲਾਂ ਨਵੀਂ ਦਿੱਲੀ ’ਚ ਸਰਬ ਪਾਰਟੀ ਬੈਠਕ

ਕਾਂਗਰਸ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਲਈ ਡਿਪਟੀ ਸਪੀਕਰ ਦਾ ਅਹੁਦਾ ਮੰਗਿਆ
ਨਵੀਂ ਦਿੱਲੀ/ਬਿਊਰੂ ਨਿਊਜ਼
ਭਲਕੇ 22 ਜੁਲਾਈ ਤੋਂ ਸ਼ੁਰੂ ਹੋ ਰਹੇ ਬਜਟ ਇਜਲਾਸ ਤੋਂ ਪਹਿਲਾਂ ਅੱਜ ਐਤਵਾਰ ਨੂੰ ਨਵੀਂ ਦਿੱਲੀ ਵਿਚ ਸਰਬ ਪਾਰਟੀ ਬੈਠਕ ਹੋਈ ਹੈ। ਸਰਬ ਪਾਰਟੀ ਬੈਠਕ ਦੌਰਾਨ ਕਾਂਗਰਸ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਲਈ ਡਿਪਟੀ ਸਪੀਕਰ ਦਾ ਅਹੁਦਾ ਮੰਗਿਆ ਹੈ। ਸੂਤਰਾਂ ਮੁਤਾਬਕ ਪਾਰਟੀ ਨੇ ਬੈਠਕ ਦੌਰਾਨ ਪੇਪਰ ਲੀਕ ਸਣੇ ਮਾਣਮੱਤੀ ਨੀਟ ਪ੍ਰੀਖਿਆ ਦਾ ਮਸਲਾ ਵੀ ਰੱਖਿਆ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਮੌਨਸੂਨ ਇਜਲਾਸ ਦੌਰਾਨ ਦੋਵਾਂ ਸਦਨਾਂ ਦੀ ਕਾਰਵਾਈ ਨੂੰ ਸੁਖਾਲੇ ਢੰਗ ਨਾਲ ਚਲਾਉਣ ਲਈ ਹਰੇਕ ਪਾਰਟੀ ਤੋਂ ਸਹਿਯੋਗ ਮੰਗਿਆ ਤਾਂ ਕਾਂਗਰਸ ਆਗੂ ਗੌਰਵ ਗੋਗੋਈ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਸੰਸਦ ਵਿਚ ਮਸਲੇ ਰੱਖਣ ਦੀ ਖੁੱਲ੍ਹ ਦਿੱਤੀ ਜਾਵੇ। ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਰਾਮਗੋਪਾਲ ਯਾਦਵ ਨੇ ਕਾਂਵੜੀਆਂ ਦੇ ਯਾਤਰਾ ਰੂਟ ਦੇ ਰਾਹ ਵਿਚ ਆਉਣ ਵਾਲੀਆਂ ਖਾਣ-ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਦੇ ਨਾਮ ਪ੍ਰਦਰਸ਼ਿਤ ਕਰਨ ਸਬੰਧੀ ਯੂਪੀ ਸਰਕਾਰ ਦੇ ਵਿਵਾਦਿਤ ਹੁਕਮਾਂ ਦਾ ਮੁੱਦਾ ਰੱਖਿਆ। ਵਾਈਐੱਸਆਰ ਕਾਂਗਰਸ ਨੇ ਆਂਧਰਾ ਪ੍ਰਦੇਸ਼ ਵਿਚ ਟੀਡੀਪੀ ਸਰਕਾਰ ਵੱਲੋਂ ਉਨ੍ਹਾਂ ਦੇ ਪਾਰਟੀ ਆਗੂਆਂ ਨੂੰ ਨਿਸ਼ਾਨਾ ਬਣਾਏ ਦੀ ਗੱਲ ਕਰਦਿਆਂ ਕੇਂਦਰੀ ਦਖ਼ਲ ਦੀ ਮੰਗ ਕੀਤੀ।
ਬੈਠਕ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ ਤੇ ਬੈਠਕ ਦੀ ਕਾਰਵਾਈ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਚਲਾਈ। ਇਸ ਦੌਰਾਨ ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਿਚ ਕਿਹਾ ਕਿ ਸਰਬ ਪਾਰਟੀ ਬੈਠਕ ਦੌਰਾਨ ਜੇਡੀਯੂ ਤੇ ਵਾਈਐੱਸਆਰਸੀਪੀ ਨੇ ਕ੍ਰਮਵਾਰ ਬਿਹਾਰ ਤੇ ਆਂਧਰਾ ਪ੍ਰਦੇਸ਼ ਲਈ ਵਿਸ਼ੇਸ਼ ਦਰਜੇ ਦੀ ਮੰਗ ਕੀਤੀ, ਪਰ ਟੀਡੀਪੀ ਨੇ ਇਸ ਮੁੱਦੇ ’ਤੇ ਅਜੀਬ ਜਿਹੀ ਚੁੱਪੀ ਧਾਰੀ ਰੱਖੀ। ਰਮੇਸ਼ ਨੇ ਇਹ ਪੋਸਟ ਅਜਿਹੇ ਮੌਕੇ ਪਾਈ ਜਦੋਂ ਸਰਬ ਪਾਰਟੀ ਬੈਠਕ ਜਾਰੀ ਸੀ। ਬੈਠਕ ਵਿਚ ਭਾਜਪਾ ਪ੍ਰਧਾਨ ਜੇਪੀ ਨੱਢਾ, ਕਾਂਗਰਸ ਆਗੂ ਗੌਰਵ ਗੋਗੋਈ ਅਤੇ ਕੇਂਦਰੀ ਮੰਤਰੀ ਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਆਗੂ ਚਿਰਾਗ ਪਾਸਵਾਨ ਸਣੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਮੌਜੂਦ ਹਨ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …