ਸਾਰੀਆਂ ਸਿਆਸੀ ਪਾਰਟੀਆਂ ਨੂੰ ਸਮਰਥਨ ਲਈ ਕੀਤੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼
ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਾਰੀਆਂ ਫਸਲਾਂ ’ਤੇ ਐਮਐਸਪੀ ਨੂੰ ਕਾਨੂੰਨੀ ਗਾਰੰਟੀ ਬਣਾਉਣ ਦੇ ਲਈ ਇਕ ਪ੍ਰਾਈਵੇਟ ਬਿੱਲ ਸੰਸਦ ਨੂੰ ਭੇਜਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਸਮੇਂ ਕਰਜ਼ੇ ਤੋਂ ਬਚਾਉਣਾ ਸਮੇਂ ਦੀ ਜ਼ਰੂਰਤ ਹੈ ਅਤੇ ਇਹ ਸਭ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਮੁਤਾਬਿਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਪਰੇਸ਼ਾਨ ਹੈ ਕਿਉਂਕਿ ਉਨ੍ਹਾਂ ਨੂੰ ਖਪਤਕਾਰ ਵਲੋਂ ਅਦਾ ਕੀਤੀ ਕੀਮਤ ਦਾ ਸਿਰਫ ਤੀਹ ਫੀਸਦੀ ਹੀ ਮਿਲਦਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਕੋਲੋਂ ਇਸ ਬਿੱਲ ਦੇ ਸਮਰਥਨ ਲਈ ਅਪੀਲ ਕਰਦੇ ਹਨ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਸੋਮਵਾਰ ਨੂੰ ਦਿੱਲੀ ਵਿਚ ਹਰਸਿਮਰਤ ਕੌਰ ਬਾਦਲ ਸਣੇ ਹੋਰ ਸਿਆਸੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ। ਇਨ੍ਹਾਂ ਸੰਸਦ ਮੈਂਬਰਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਹਰ ਕਦਮ ’ਤੇ ਉਨ੍ਹਾਂ ਦੇ ਨਾਲ ਹਨ ਅਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਕਰਨਾ ਪਵੇ।