
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਡੀਜੀਪੀ ਵੱਲੋਂ ਕਿਸਾਨਾਂ ਦੇ ਰੋਸ ਮਾਰਚ ਨੂੰ ਰੋਕਣ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਦੇ ਫੈਸਲੇ ’ਤੇ ਸਖਤ ਇਤਰਾਜ਼ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਆਪਣੇ ਦੋ ਪੰਨਿਆਂ ਦੇ ਪੱਤਰ ਵਿਚ ਸੰਧਵਾਂ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਕਿਸਾਨ ਭਾਈਚਾਰੇ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨਾਲ ਬਹੁਤ ਬੇਇਨਸਾਫੀ ਹੋ ਰਹੀ ਹੈ, ਜਦੋਂਕਿ ਕਿਸਾਨ ਆਪਣੇ ਹੱਕਾਂ ਲਈ ਪੰਜਾਬ ’ਚ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ। ਸੰਧਵਾਂ ਨੇ ਅੱਗੇ ਲਿਖਿਆ ਕਿ ਉਨ੍ਹਾਂ ਨੂੰ ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ ਵੱਲੋਂ ਸ਼ੰਭੂ ਸਰਹੱਦ ’ਤੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਵਿਚ ਭੂਮਿਕਾ ਨਿਭਾਉਣ ਵਾਲੇ ਛੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬਹਾਦਰੀ ਦੇ ਮੈਡਲ ਦੇਣ ਦੀ ਸਿਫ਼ਾਰਸ਼ ’ਤੇ ਸਖ਼ਤ ਇਤਰਾਜ਼ ਹੈ। ਉਨ੍ਹਾਂ ਕਿਹਾ ਕਿ ਅਜਿਹਾ ਫੈਸਲਾ ਇੱਕ ਖ਼ਤਰਨਾਕ ਮਿਸਾਲ ਕਾਇਮ ਕਰ ਸਕਦਾ ਹੈ।