
ਸਰਕਾਰ ਨੂੰ ਮਾਮਲੇ ਦੀ ਜਾਂਚ ਲਈ ਅਜ਼ਾਦ ਕਮੇਟੀ ਬਣਾਉਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼ੰਭੂ ਬਾਰਡਰ ਮਾਮਲੇ ਸੰਬੰਧੀ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਅਹਿਮ ਟਿੱਪਣੀਆਂ ਕਰਦੇ ਹੋਏ ਕਿਹਾ ਕਿ ਸ਼ੰਭੂ ਬਾਰਡਰ ’ਤੇ ਫਿਲਹਾਲ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੋ। ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰ ਮਾਮਲੇ ਦੀ ਜਾਂਚ ਲਈ ਇਕ ਆਜ਼ਾਦ ਕਮੇਟੀ ਬਣਾਵੇ ਤੇ ਇਸ ਵਿਚ ਰਾਜ ਸਰਕਾਰ ਅਤੇ ਖੇਤੀਬਾੜੀ ਮਾਹਿਰ ਸ਼ਾਮਿਲ ਕੀਤੇ ਜਾਣ। ਇਸਦੇ ਲਈ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਨਾਮ ਭੇਜਣ ਲਈ ਕਿਹਾ ਹੈ। ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਹੁਣ ਇਕ ਹਫਤੇ ਬਾਅਦ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਕਿਸਾਨੀ ਨਾਲ ਸਬੰਧਤ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਕੂਚ ਕਰਨਾ ਸੀ ਅਤੇ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਸ਼ੰਭੂ ਬਾਰਡਰ ਤੋਂ ਅੱਗੇ ਨਹੀਂ ਲੰਘਣ ਦਿੱਤਾ ਸੀ। ਉਦੋਂ ਤੋਂ ਕਿਸਾਨ ਸ਼ੰਭੂ ਬਾਰਡਰ ’ਤੇ ਧਰਨਾ ਲਗਾ ਕੇ ਬੈਠੇ ਹੋਏ ਹਨ।