ਭਾਰਤੀ ਜਨਤਾ ਪਾਰਟੀ ਦੇ ਪੁਤਲੇ ਫੂਕਣ ਦਾ ਫ਼ੈਸਲਾ; ਐੱਮਐੱਸਪੀ ਦੀ ਗਾਰੰਟੀ ਲਈ ਕਾਨੂੰਨ ਮੰਗਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਕਾਨਫਰੰਸ ਵਿੱਚ ਪਹਿਲੀ ਅਗਸਤ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਵੱਲ ਮਾਰਚ ਕਰਨ ਤੇ ਭਾਜਪਾ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 15 ਅਗਸਤ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਟਰੈਕਟਰ ਮਾਰਚ ਕਰਨ ਦਾ ਫੈਸਲਾ ਲਿਆ ਗਿਆ।
ਇਸ ਸਬੰਧੀ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਤੇ ਸਰਵਣ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਨਵੀਂ ਦਿੱਲੀ ‘ਚ ਕਾਂਸਟੀਚਿਊਸ਼ਨ ਕਲੱਬ ਵਿੱਚ ਹੋਈ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਕਾਨਫਰੰਸ ਦੌਰਾਨ ਮੁੱਖ ਤੌਰ ‘ਤੇ ਫੈਸਲਾ ਲਿਆ ਗਿਆ ਕਿ ਪਹਿਲੀ ਅਗਸਤ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਵੱਲ ਮਾਰਚ ਕੀਤੇ ਜਾਣਗੇ ਅਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਹੱਕ ਵਿੱਚ ਅਤੇ ਕਿਸਾਨਾਂ ਨੂੰ ਮਾਰਨ ਵਾਲੇ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਦੇਣ ਦੇ ਵਿਰੋਧ ਵਿੱਚ ਭਾਜਪਾ ਦੇ ਪੁਤਲੇ ਫੂਕੇ ਜਾਣਗੇ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ 15 ਅਗਸਤ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਟਰੈਕਟਰ ਮਾਰਚ ਕਰਨ ਅਤੇ ਬੀਐੱਨਐੱਸ ਤਹਿਤ ਤਿੰਨੋਂ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਫੈਸਲਾ ਵੀ ਲਿਆ ਗਿਆ। 31 ਅਗਸਤ ਨੂੰ ਕਿਸਾਨ ਅੰਦੋਲਨ-2 ਦੇ 200 ਦਿਨ ਪੂਰੇ ਹੋਣ ‘ਤੇ ਕਿਸਾਨ ਮੋਰਚਿਆਂ ‘ਤੇ ਵੱਡੀਆਂ ਮਹਾਪੰਚਾਇਤਾਂ ਕੀਤੀਆਂ ਜਾਣਗੀਆਂ। ਦੇਸ਼ ਭਰ ਵਿੱਚ ਤਿੰਨ ਕਿਸਾਨ ਮਹਾਪੰਚਾਇਤਾਂ ਕੀਤੀਆਂ ਜਾਣਗੀਆਂ। ਪਹਿਲੀ ਮਹਾਪੰਚਾਇਤ ਪਹਿਲੀ ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ, ਦੂਜੀ ਮਹਾਪੰਚਾਇਤ 15 ਸਤੰਬਰ ਨੂੰ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੀ ਉਚਾਨਾ ਮੰਡੀ ਵਿੱਚ ਅਤੇ ਤੀਜੀ ਮਹਾਪੰਚਾਇਤ 22 ਸਤੰਬਰ ਨੂੰ ਹਰਿਆਣਾ ਦੇ ਹੀ ਕੁਰੂਕਸ਼ੇਤਰ ਜ਼ਿਲ੍ਹੇ ਦੀ ਪਿਪਲੀ ਮੰਡੀ ਵਿੱਚ ਹੋਵੇਗੀ। ਪ੍ਰੈੱਸ ਕਾਨਫਰੰਸ ਦੇ ਅਖੀਰ ਵਿੱਚ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਨੂੰ ਸੰਘਰਸ਼ ਲਈ ਤਿਆਰ ਰਹਿਣ ਦਾ ਹੋਕਾ ਦਿੱਤਾ। ਕਾਨਫਰੰਸ ਵਿੱਚ ਹੋਰ ਆਗੂ ਵੀ ਹਾਜ਼ਰ ਸਨ। ਇਸ ਕਾਨਫ਼ਰੰਸ ਵਿੱਚ ਦੇਸ਼ ਦੀਆਂ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਦੌਰਾਨ ਮੁੱਖ ਤੌਰ ‘ਤੇ ਸਾਬਕਾ ਕੇਂਦਰੀ ਖੇਤੀਬਾੜੀ ਮੰਤਰੀ ਸੋਮਪਾਲ ਸ਼ਾਸਤਰੀ, ਖੇਤੀ ਮਾਹਿਰ ਦੇਵੇਂਦਰ ਸ਼ਰਮਾ, ਕਰਨਾਟਕ ਖੇਤੀ ਮੁੱਲ ਕਮਿਸ਼ਨ ਦੇ ਸਾਬਕਾ ਚੇਅਰਮੈਨ ਪ੍ਰਕਾਸ਼ ਕਾਮਾਰੇਡੀ ਆਦਿ ਨੇ ਐੱਮਐੱਸਪੀ ਗਾਰੰਟੀ ਕਾਨੂੰਨ ਦੇ ਮੁੱਦੇ ‘ਤੇ ਤੱਥਾਂ ਸਣੇ ਗੱਲ ਕਰਦਿਆਂ ਕਿਹਾ ਕਿ ਜੇ ਸਿਆਸੀ ਇੱਛਾ ਸ਼ਕਤੀ ਹੈ ਤਾਂ ਸਰਕਾਰ ਇਸ ਲਈ ਐੱਮਐੱਸਪੀ ਗਾਰੰਟੀ ਕਾਨੂੰਨ ਬਣਾਏ। ਇਸ ਸਬੰਧੀ ਦੇਸ਼ ਵਿੱਚ ਕਾਫੀ ਆਰਥਿਕ ਸਰੋਤ ਹਨ।