Breaking News
Home / ਪੰਜਾਬ / ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ

ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਖੋਲ੍ਹਣ ਦੀ ਉਠੀ ਮੰਗ
ਅੰਮ੍ਰਿਤਸਰ : 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗੜੀਆ ਬੁੱਧਵਾਰ ਨੂੰ ਅੰਮ੍ਰਿਤਸਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ ਵਿੱਤ ਕਮਿਸ਼ਨ ਦੇ ਚੇਅਰਮੈਨ ਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਅੰਮ੍ਰਿਤਸਰ ਦੇ ਇਕ ਹੋਟਲ ਵਿਚ ਉਦਯੋਗਪਤੀਆਂ ਨਾਲ ਇਕ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਦਯੋਗਪਤੀਆਂ ਨੇ ਕਈ ਮਹੱਤਵਪੂਰਨ ਮੁੱਦੇ ਉਠਾਏ ਅਤੇ ਪੰਜਾਬ ਦੀ ਇੰਡਸਟਰੀ ਨੂੰ ਪੁਨਰਜੀਵਤ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੀ ਮੰਗ ਵੀ ਕੀਤੀ। ਮੀਟਿੰਗ ਦੌਰਾਨ 16ਵੇਂ ਵਿੱਤ ਕਮਿਸ਼ਨ ਕੋਲੋਂ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਅਤੇ ਪੰਜਾਬ ਦੀ ਇੰਡਸਟਰੀ ਨੂੰ ਹਿਮਾਚਲ ਅਤੇ ਜੰਮੂ-ਕਸ਼ਮੀਰ ਵਾਂਗ ਸਪੈਸ਼ਲ ਪੈਕੇਜ ਦੇਣ ਦੀ ਮੰਗ ਵੀ ਕੀਤੀ ਗਈ।
ਛੋਟੀਆਂ ਸਨਅਤਾਂ ਨੂੰ ਹੁਲਾਰਾ ਦੇਣ ਲਈ ਰਿਆਇਤਾਂ ਦੇਣ ਦੀ ਲੋੜ ਤੋਂ ਕਰਵਾਇਆ ਜਾਣੂ
ਮੀਟਿੰਗ ਦੌਰਾਨ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉਦਯੋਗਪਤੀਆਂ ਨੇ ਕਮਿਸ਼ਨ ਨੂੰ ਸੂਬੇ ਦੀਆਂ ਮੱਧਮ ਤੇ ਛੋਟੀਆਂ ਸਨਅਤਾਂ ਨੂੰ ਹੁਲਾਰਾ ਦੇਣ ਲਈ ਰਿਆਇਤਾਂ ਦੇਣ ਦੀ ਲੋੜ ਤੋਂ ਜਾਣੂ ਕਰਵਾਇਆ। ਮਾਝੇ ਅਤੇ ਦੁਆਬੇ ਵਿੱਚ ਹਸਪਤਾਲ ਦੇ ਰੂਪ ਵਿੱਚ ਬਿਹਤਰ ਮੈਡੀਕਲ ਬੁਨਿਆਦੀ ਢਾਂਚਾ, ਹਰ ਸ਼ਹਿਰ ਵਿੱਚ ਈਐੱਸਆਈ ਹਸਪਤਾਲ, ਇੱਕ ਮੁਲਕ ਇੱਕ ਟੈਰਿਫ ਨੀਤੀ, ਮੁਕਤ ਵਪਾਰ ਸਮਝੌਤਿਆਂ (ਐੱਫਟੀਏ) ਉੱਤੇ ਹਸਤਾਖਰ ਕਰਨ ਤੋਂ ਪਹਿਲਾਂ ਸਨਅਤਕਾਰਾਂ ਨੂੰ ਭਰੋਸੇ ਵਿੱਚ ਲੈਣਾ, ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਵਾਸਤੇ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪੈਕੇਜ, ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਨਗਰ ਨਿਗਮਾਂ ਨੂੰ ਗ੍ਰਾਂਟਾਂ, ਐੱਮਐੱਸਐੱਮਈਜ਼ ਲਈ ਕੌਮੀ ਪੱਧਰ ਦੇ ਫੰਡ, ਪ੍ਰਾਹੁਣਚਾਰੀ ਖੇਤਰ ਨੂੰ ਉਦਯੋਗ ਦਾ ਦਰਜਾ ਦੇਣ, ਫਸਲੀ ਵਿਭਿੰਨਤਾ, ਜਲ ਸਰੋਤਾਂ ਅਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਸਬੰਧੀ ਮੰਗਾਂ ਵੀ ਰੱਖੀਆਂ ਗਈਆਂ।

Check Also

ਜਗਮੀਤ ਸਿੰਘ ਬਰਾੜ ਨੇ ਗਿੱਦੜਬਾਹਾ ਜ਼ਿਮਨੀ ਚੋਣ ਲੜਨ ਦੇ ਦਿੱਤੇ ਸੰਕੇਤ

ਕਿਹਾ : ਜਲਦੀ ਹੀ ਕਰਾਂਗਾ ਗਿੱਦੜਬਾਹਾ ਹਲਕੇ ਦੇ ਪਿੰਡਾਂ ਦਾ ਦੌਰਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ …