ਜਥੇਦਾਰ ਨੂੰ ਬੰਦ ਲਿਫ਼ਾਫੇ ਵਿਚ ਸੌਂਪਿਆ ਸਪਸ਼ਟੀਕਰਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਏ। ਉਨ੍ਹਾਂ ਆਪਣਾ ਸਪਸ਼ਟੀਕਰਨ ਬੰਦ ਲਿਫਾਫੇ ਵਿਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ। ਜਥੇਦਾਰ ਨੇ ਕਿਹਾ ਕਿ ਇਸ ਸਪਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਨ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪ ਦਿੱਤਾ ਹੈ। ਪੰਜ ਸਿੰਘ ਸਾਹਿਬਾਨ ਦੀ 15 ਜੁਲਾਈ ਨੂੰ ਹੋਈ ਬੈਠਕ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਰੋਧੀ ਧੜੇ ਵੱਲੋਂ ਲਾਏ ਗਏ ਦੋਸ਼ਾਂ ਸਬੰਧੀ ਸਪਸ਼ਟੀਕਰਨ ਦੇਣ ਲਈ 15 ਦਿਨਾਂ ਅੰਦਰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਹੋਰ ਹਾਜ਼ਰ ਸਨ।