![](https://parvasinewspaper.com/wp-content/uploads/2024/07/Harbhajan-Singh.jpg)
‘ਆਪ’ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ ਹਰਭਜਨ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਅੰਮਿ੍ਰਤਸਰ ਦੇ ਹਵਾਈ ਅੱਡੇ ਦੇ ਵਿਸਥਾਰ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅੰਮਿ੍ਰਤਸਰ ਤੋਂ ਅਮਰੀਕਾ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣੀਆਂ ਚਾਹੀਦੀਆਂ ਹਨ। ਹਰਭਜਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸਰਕਾਰ ਨੂੰ ਦੱਸਿਆ ਹੈ ਕਿ ਅੰਮਿ੍ਰਤਸਰ ਦਾ ਹਵਾਈ ਅੱਡਾ ਛੋਟਾ ਹੈ ਅਤੇ ਇਸਦੇ ਵਿਸਥਾਰ ਦੀ ਤੁਰੰਤ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੀ ਇਕ ਇਹੋ ਜਿਹਾ ਸੂਬਾ ਹੈ, ਜਿਥੋਂ ਜ਼ਿਆਦਾਤਰ ਯਾਤਰੀ ਕੈਨੇਡਾ ਜਾਂ ਅਮਰੀਕਾ ਜਾਂਦੇ ਹਨ। ਇਸ ਲਈ ਅੰਮਿ੍ਰਤਸਰ ਦੇ ਹਵਾਈ ਅੱਡੇ ਤੋਂ ਜੇਕਰ ਕੈਨੇਡਾ ਜਾਂ ਅੰਮਿ੍ਰਤਸਰ ਨੂੰ ਸਿੱਧੀ ਫਲਾਈਟ ਚੱਲਦੀ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਕਾਫੀ ਲਾਭ ਮਿਲ ਸਕਦਾ ਹੈ। ਇਸ ਤੋਂ ਪਹਿਲਾਂ ‘ਆਪ’ ਦੇ ਹੀ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵਲੋਂ ਵੀ ਅੰਮਿ੍ਰਤਸਰ ਅਤੇ ਚੰਡੀਗੜ੍ਹ ਦੇ ਹਵਾਈ ਅੱਡਿਆਂ ਤੋਂ ਬਰਤਾਨੀਆ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਮਾਮਲਾ ਸੰਸਦ ਵਿਚ ਉਠਾਇਆ ਗਿਆ ਸੀ।