ਕਿਹਾ : ਟੈਕਸ ਚੋਰੀ ਨੂੰ ਰੋਕਣ ਲਈ ਮੁਹਿੰਮ ਨੂੰ ਹੋਰ ਤਾਕਤਵਰ ਬਣਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਵਿਚ ਟੈਕਸ ਚੋਰੀ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਜਾਅਲੀ ਬਿੱਲਾਂ ਰਾਹੀਂ ਫੇਕ ਆਈ.ਡੀ. ਬਣਾ ਕੇ ਸਰਕਾਰ ਨੂੰ ਚੂਨਾ ਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਟੈਕਸ ਚੋਰੀ ਨੂੰ ਰੋਕਣ ਦੀ ਮੁਹਿੰਮ ਨੂੰ ਹੋਰ ਤਾਕਤਵਰ ਬਣਾਇਆ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਾਡਾ ਵਿਭਾਗ ਟੈਕਸ ਚੋਰੀ ਕਰਨ ਵਾਲਿਆਂ ਖਿਲਾਫ ਲਗਾਤਾਰ ਸਖਤੀ ਵਰਤ ਰਿਹਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਟੈਕਸ ਗ੍ਰੋਥ ਕਰੀਬ 6 ਫੀਸਦੀ ਸੀ, ਪਰ ਸਾਡੀ ਸਰਕਾਰ ਆਉਣ ਤੋਂ ਬਾਅਦ ਇਹ ਗ੍ਰੋਥ 13 ਫੀਸਦੀ ਤੋਂ ਉਪਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਟੈਕਸ ਵਿਚ ਧੋਖਾਧੜੀ ਕਰੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਜੇਕਰ ਵਿਭਾਗ ਦਾ ਕੋਈ ਵੀ ਅਧਿਕਾਰੀ ਸ਼ਾਮਲ ਪਾਇਆ ਗਿਆ ਤਾਂ ਉਸਦੇ ਖਿਲਾਫ ਵੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।