![](https://parvasinewspaper.com/wp-content/uploads/2024/07/Keral-2.jpg)
ਪੀਐਮ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਰਲਾ ਦੇ ਵਾਇਨਾਡ ਵਿਚ ਤੇਜ਼ ਮੀਂਹ ਪੈਣ ਕਰਕੇ ਵੱਖ-ਵੱਖ ਥਾਵਾਂ ’ਤੇ ਜ਼ਮੀਨ ਖਿਸਕ ਗਈ। ਇਸਦੇ ਚੱਲਦਿਆਂ 4 ਪਿੰਡ ਪਾਣੀ ਵਿਚ ਰੁੜ੍ਹ ਗਏ ਅਤੇ ਪੁਲ, ਸੜਕਾਂ ਤੇ ਗੱਡੀਆਂ ਵੀ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਈਆਂ। ਇਸ ਹੋਈ ਲੈਂਡਸਲਾਈਡ ਕਾਰਨ ਹੁਣ ਤੱਕ 100 ਦੇ ਕਰੀਬ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਸ ਦੁਖਾਂਤ ਕਰਕੇ 400 ਤੋਂ ਜ਼ਿਆਦਾ ਵਿਅਕਤੀ ਮਲਬੇ ਹੇਠਾਂ ਦੱਬੇ ਹੋਣ ਦੀ ਵੀ ਖਬਰ ਹੈ। ਇਹ ਘਟਨਾ ਲੰਘੀ ਰਾਤ 2 ਤੋਂ 4 ਵਜੇ ਦੇ ਵਿਚਕਾਰ ਦੀ ਹੈ। ਰੈਸਕਿਊ ਦੇ ਲਈ ਐਸ.ਡੀ.ਆਰ.ਐਫ. ਅਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਇਨਾਡ ’ਚ ਵਾਪਰੇ ਇਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਕੇਂਦਰ ਸਰਕਾਰ ਨੇ ਵਾਇਨਾਡ ਦੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮੱਦਦ ਦੇਣ ਦਾ ਭਰੋਸਾ ਵੀ ਦਿੱਤਾ ਹੈ। ਇਸਦੇ ਚੱਲਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਵਾਇਨਾਡ ਵਿਚ ਵਾਪਰੇ ਦੁਖਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਕੇਰਲਾ ਦੀ ਸਰਕਾਰ ਨੇ ਇਸ ਦੁਖਾਂਤ ਕਰਕੇ ਸੂਬੇ ਵਿਚ ਅੱਜ ਅਤੇ ਕੱਲ੍ਹ ਦੋ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ।