
ਮੁਹਾਲੀ ਦੀ ਅਦਾਲਤ ਨੇ ਸੁਣਾਇਆ ਫੈਸਲਾ
ਮੁਹਾਲੀ/ਬਿਊਰੋ ਨਿਊਜ਼
ਛੇ ਹਜ਼ਾਰ ਕਰੋੜ ਰੁਪਏ ਦੀ ਇੰਟਰਨੈਸ਼ਨਲ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਅਦਾਲਤ ਨੇ ਪੰਜਾਬ ਪੁਲਿਸ ਦੇ ਬਰਖਾਸਤ ਡੀਐਸਪੀ ਜਗਦੀਸ਼ ਭੋਲਾ ਸਣੇ 17 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਸਜ਼ਾ ਸੁਣਾਈ ਹੈ। ਇਹ ਸਜ਼ਾ ਮੁਹਾਲੀ ਦੀ ਅਦਾਲਤ ਵਲੋਂ ਸੁਣਾਈ ਗਈ ਹੈ। ਜਗਦੀਸ਼ ਭੋਲਾ ਅਤੇ ਇਕ ਦੋਸ਼ੀ ਨੂੰ 10 – 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਿਨ੍ਹਾਂ ਵਿਅਕਤੀਆਂ ਨੂੰ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਵਿਚ ਜਗਦੀਸ਼ ਭੋਲਾ ਦੀ ਪਤਨੀ ਅਤੇ ਸਹੁਰਾ ਵੀ ਸ਼ਾਮਲ ਹੈ, ਉਨ੍ਹਾਂ ਨੂੰ 3-3 ਸਾਲ ਦੀ ਸਜ਼ਾ ਹੋਈ ਹੈ। ਇਸੇ ਤਰ੍ਹਾਂ ਕੁਝ ਹੋਰ ਦੋਸ਼ੀ ਵਿਅਕਤੀਆਂ ਨੂੰ 5-5 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ ਸਾਲ 2013 ਵਿਚ ਸਾਹਮਣੇ ਆਇਆ ਸੀ, ਜਦੋਂ ਪੰਜਾਬ ਪੁਲਿਸ ਨੇ ਡਰੱਗ ਤਸਕਰੀ ਮਾਮਲੇ ਵਿਚ ਜਗਦੀਸ਼ ਭੋਲਾ ਨੂੰ ਗਿ੍ਰਫਤਾਰ ਕੀਤਾ ਸੀ। ਇਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਵੀ ਭੂਚਾਲ ਆ ਗਿਆ ਸੀ ਅਤੇ ਸੂੁਬੇ ਦੇ ਕਈ ਆਗੂਆਂ ’ਤੇ ਸਵਾਲ ਉਠੇ ਸਨ। ਜ਼ਿਕਰਯੋਗ ਹੈ ਕਿ ਸੰਘੀ ਜਾਂਚ ਏਜੰਸੀ ਨੇ 2015 ਵਿਚ 24 ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਸੀ। ਇਨ੍ਹਾਂ ਵਿਚੋਂ 7 ਵਿਅਕਤੀਆਂ ਨੂੰ ਭਗੌੜਾ ਐਲਾਨਿਆ ਗਿਆ ਸੀ।