Breaking News
Home / ਹਫ਼ਤਾਵਾਰੀ ਫੇਰੀ / ਸ਼੍ਰੋਮਣੀ ਅਕਾਲੀ ਦਲ ਦਾ ਸਿਆਸੀ ਕਲੇਸ਼ ਸਿਖਰਾਂ ‘ਤੇ ਪਹੁੰਚਿਆ

ਸ਼੍ਰੋਮਣੀ ਅਕਾਲੀ ਦਲ ਦਾ ਸਿਆਸੀ ਕਲੇਸ਼ ਸਿਖਰਾਂ ‘ਤੇ ਪਹੁੰਚਿਆ

ਅਕਾਲੀ ਦਲ ਨੇ ਬਾਗੀ ਧੜੇ ਦੇ ਅੱਠ ਆਗੂਆਂ ਨੂੰ ਪਾਰਟੀ ‘ਚੋਂ ਕੱਢਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਤੋਂ ਨਰਾਜ਼ ਚੱਲ ਰਹੇ ਆਗੂਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਅੱਠ ਆਗੂਆਂ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਇਨ੍ਹਾਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਤੇ ਚਰਨਜੀਤ ਸਿੰਘ ਬਰਾੜ ਦੇ ਨਾਂ ਸ਼ਾਮਲ ਹਨ। ਇਹ ਕਾਰਵਾਈ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਕੀਤੀ ਗਈ ਹੈ ਜਿਸ ਨੇ ਇਨ੍ਹਾਂ ਅੱਠ ਆਗੂਆਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਪਾਰਟੀ ਨੇ ਸੱਤ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਹਟਾ ਦਿੱਤਾ ਹੈ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਕਮੇਟੀ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜ਼ਾਰ ਸਿੰਘ ਰਣੀਕੇ (ਟੈਲੀਫੋਨ ਰਾਹੀਂ) ਸ਼ਾਮਲ ਹੋਏ। ਉਨ੍ਹਾਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਬਾਰੇ ਚਰਚਾ ਕੀਤੀ। ਅਨੁਸ਼ਾਸਨੀ ਕਮੇਟੀ ਨੇ ਵਿਚਾਰ-ਵਟਾਂਦਰੇ ਮਗਰੋਂ ਆਖਿਆ ਕਿ ਇਨ੍ਹਾਂ ਆਗੂਆਂ ਵੱਲੋਂ ਪਾਰਟੀ ਦੇ ਅਕਸ ਨੂੰ ਢਾਹ ਲਾਉਣ ਵਾਲੀਆਂ ਕਾਰਵਾਈਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਉਕਤ ਆਗੂਆਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਭੂੰਦੜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮੇਟੀ ਲੰਮੇ ਵਿਚਾਰ-ਵਟਾਂਦਰੇ ਮਗਰੋਂ ਇਸ ਨਿਚੋੜ ‘ਤੇ ਪਹੁੰਚੀ ਹੈ ਕਿ ਉਪਰੋਕਤ ਸਾਰੇ ਆਗੂਆਂ ਦਾ ਇੱਕੋ-ਇੱਕ ਮਕਸਦ ਪਾਰਟੀ ਦੇ ਦੁਸ਼ਮਣਾਂ ਦੀ ਸ਼ਹਿ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਪਾਰਟੀ ਇਨ੍ਹਾਂ ਹਰਕਤਾਂ ਨੂੰ ਬਰਦਾਸ਼ਤ ਨਹੀਂ ਕਰੇਗੀ, ਇਸ ਲਈ ਉਪਰੋਕਤ ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਬੀਤੀ 26 ਜੂਨ ਨੂੰ ਹੋਈ ਮੀਟਿੰਗ ਵਿੱਚ ਇੱਕ ਮਤਾ ਪਾਸ ਕਰ ਕੇ ਇਨ੍ਹਾਂ ਸਾਰੇ ਆਗੂਆਂ ਨੂੰ ਸੁਹਿਰਦਤਾ ਨਾਲ ਅਪੀਲ ਕੀਤੀ ਗਈ ਸੀ ਕਿ ਉਹ ਜੋ ਕੁਝ ਵੀ ਕਹਿਣਾ ਚਾਹੁੰਦੇ ਹਨ, ਪਾਰਟੀ ਫੋਰਮ ‘ਤੇ ਆ ਕੇ ਕਹਿਣ। ਜੇ ਉਹ ਮੀਟਿੰਗ ਵਿੱਚ ਗੱਲ ਕਰਨ ਦੀ ਬਜਾਇ ਬਾਹਰ ਮੀਡੀਆ ਵਿੱਚ ਜਾ ਕੇ ਪਾਰਟੀ ਨੂੰ ਢਾਹ ਲਾਉਣ ਲਈ ਝੂਠਾ ਭੰਡੀ ਪ੍ਰਚਾਰ ਕਰਦੇ ਹਨ ਤਾਂ ਇਹ ਸਮਝਿਆ ਜਾਵੇਗਾ ਕਿ ਉਨ੍ਹਾਂ ਦਾ ਪਾਰਟੀ ਵਿੱਚ ਕੋਈ ਭਰੋਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਪਾਰਟੀ ਖਿਲਾਫ਼ ਖੁੱਲ੍ਹ ਕੇ ਯੋਜਨਾਬੱਧ ਢੰਗ ਨਾਲ ਕੂੜ ਪ੍ਰਚਾਰ ਕੀਤਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਨੁਸ਼ਾਸਨ ਭੰਗ ਕਰਨ ਵਾਲਿਆਂ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

 

ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਠ ਆਗੂਆਂ ਦੀ ਬਰਤਰਫੀ ਰੱਦ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਅੱਠ ਸੀਨੀਅਰ ਆਗੂਆਂ ਦੀ ਕੀਤੀ ਬਰਤਰਫ਼ੀ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਰਤਰਫ਼ੀ ਦਾ ਅਧਿਕਾਰ ਸਿਰਫ਼ ਵਰਕਿੰਗ ਕਮੇਟੀ ਕੋਲ ਹੈ। ਪਾਰਟੀ ਤੋਂ ਨਾਰਾਜ਼ ਧੜੇ ਦੇ ਆਗੂਆਂ ਨੇ ਜਵਾਬੀ ਹੱਲਾ ਬੋਲਿਆ ਹੈ ਜਿਸ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਈ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ। ਦੱਸਣਯੋਗ ਹੈ ਕਿ ਅਨੁਸ਼ਾਸਨੀ ਕਮੇਟੀ ਨੇ ਵੱਡੇ ਢੀਂਡਸਾ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਸੀ।
ਢੀਂਡਸਾ ਨੇ ਕਿਹਾ ਕਿ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਲਿਆ ਫ਼ੈਸਲਾ ਪਾਰਟੀ ਦੇ ਸੰਵਿਧਾਨ ਅਤੇ ਰਵਾਇਤਾਂ ਤੋਂ ਉਲਟ ਹੈ ਜਿਸ ਕਰਕੇ ਇਸ ਨੂੰ ਰੱਦ ਕੀਤਾ ਜਾਂਦਾ ਹੈ ਕਿਉਂਕਿ ਇਹ ਅਧਿਕਾਰ ਸਿਰਫ਼ ਤੇ ਸਿਰਫ਼ ਪਾਰਟੀ ਦੀ ਵਰਕਿੰਗ ਕਮੇਟੀ ਕੋਲ ਹੈ। ਅਨੁਸ਼ਾਸਨੀ ਕਮੇਟੀ ਸਿਰਫ਼ ਵਰਕਿੰਗ ਕਮੇਟੀ ਜਾਂ ਪਾਰਟੀ ਪ੍ਰਧਾਨ ਨੂੰ ਸਿਫ਼ਾਰਸ਼ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਬਰਤਰਫ਼ ਕੀਤੇ ਆਗੂਆਂ ਨੂੰ ਨਾ ਕੋਈ ਨੋਟਿਸ ਦਿੱਤਾ ਗਿਆ ਅਤੇ ਨਾ ਹੀ ਕਮੇਟੀ ਦੀ ਕੋਈ ਮੀਟਿੰਗ ਹੋਈ। ਢੀਂਡਸਾ ਦੀ ਇਸ ਕਾਰਵਾਈ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੁਣ ਨਵੇਂ ਸੰਕਟ ਵਿਚ ਘਿਰ ਗਏ ਹਨ। ਡੇਰਾ ਸਿਰਸਾ ਦੀ ਸਿਆਸੀ ਕਮੇਟੀ ਦੇ ਮੈਂਬਰ ਪ੍ਰਦੀਪ ਕਲੇਰ ਦੇ ਖ਼ੁਲਾਸੇ ਵੀ ਬਾਦਲ ਪਰਿਵਾਰ ਨੂੰ ਢਾਹ ਲਾਉਣ ਵਾਲੇ ਹਨ ਜਿਨ੍ਹਾਂ ਦਾ ਸੁਖਬੀਰ ਸਿੰਘ ਬਾਦਲ ਨੇ ਖੰਡਨ ਵੀ ਕੀਤਾ ਹੈ। ਇਸੇ ਦੌਰਾਨ ਅਨੁਸ਼ਾਸਨੀ ਕਮੇਟੀ ਦਾ ਕਾਹਲ ਵਾਲਾ ਕਦਮ ਵੀ ਬਾਦਲ ਪਰਿਵਾਰ ਦੀ ਘੇਰਾਬੰਦੀ ਸਖ਼ਤ ਕਰਨ ਵਿਚ ਮਦਦਗਾਰ ਬਣ ਸਕਦਾ ਹੈ।
ਢੀਂਡਸਾ ਦੀ ਵੀ ਅਕਾਲੀ ਦਲ ‘ਚੋਂ ਹੋਈ ਛੁੱਟੀ
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ‘ਪਾਰਟੀ ਵਿਰੋਧੀ ਸਰਗਰਮੀਆਂ ‘ਚ ਸ਼ਮੂਲੀਅਤ’ ਦੇ ਦੋਸ਼ ਤਹਿਤ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਅਨੁਸ਼ਾਸਨੀ ਕਮੇਟੀ ਨੇ ਸਰਬਸੰਮਤੀ ਨਾਲ ਇਹ ਫੈਸਲਾ ਲਿਆ। ਕਮੇਟੀ ਦੇ ਦੋ ਹੋਰਨਾਂ ਮੈਂਬਰਾਂ ‘ਚ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਗੁਲਜ਼ਾਰ ਸਿੰਘ ਰਣੀਕੇ ਸ਼ਾਮਲ ਹਨ।

 

 

Check Also

ਸਮੇਂ ਤੋਂ ਪਹਿਲਾਂ ਡਿੱਗ ਸਕਦੀ ਹੈ ਟਰੂਡੋ ਸਰਕਾਰ

ਕੰਸਰਵੇਟਿਵ ਲਿਆਉਣਗੇ ਟਰੂਡੋ ਸਰਕਾਰ ਖਿਲਾਫ ਬੇਭਰੋਸਗੀ ਦਾ ਮਤਾ ਸਹਿਯੋਗੀ ਦਲ ਐਨਡੀਪੀ ਨੇ ਸਮਰਥਨ ਲਿਆ ਵਾਪਸ …