ਦਿੱਲੀ ਵਿਚ ‘ਆਪ’ ਦੀ ਸਰਕਾਰ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਕਿਹਾ ਹੈ ਕਿ ਦਿੱਲੀ ਦੇ ਉਪ ਰਾਜਪਾਲ ਕੋਲ ਦਿੱਲੀ ਨਗਰ ਨਿਗਮ ਵਿਚ ਅਧਿਕਾਰੀਆਂ ਯਾਨੀ ਕਿ ਐਲਡਰਮੈਨ ਨਾਮਜ਼ਦ ਕਰਨ ਦਾ ਅਧਿਕਾਰ ਹੈ। ਮਾਨਯੋਗ ਚੀਫ ਜਸਟਿਸ ਡੀ.ਵਾਈ. ਚੰਦਰਚੂੜ੍ਹ ਦੀ ਅਗਵਾਈ ਵਾਲੀ ਬੈਂਚ ਨੇ ਦਿੱਲੀ ਸਰਕਾਰ ਦੀ ਇਹ ਦਲੀਲ ਖਾਰਜ ਕਰ ਦਿੱਤੀ ਕਿ ਉਪ ਰਾਜਪਾਲ ਨਗਰ ਨਿਗਮ ਵਿਚ ਐਲਡਰਮੈਨ ਨਾਮਜ਼ਦ ਕਰਨ ਦੇ ਸਬੰਧ ਵਿਚ ਕੈਬਨਿਟ ਦੀ ਸਲਾਹ ਮੰਨਣ ਲਈ ਮਜ਼ਬੂਰ ਹਨ। ਜ਼ਿਕਰਯੋਗ ਹੈ ਕਿ ਐਲ.ਜੀ. ਵਿਨੇ ਕੁਮਾਰ ਸਕਸੈਨਾ ਵਲੋਂ ਇਸੇ ਸਾਲ 1 ਅਤੇ 4 ਜਨਵਰੀ ਨੂੰ ਆਰਡਰ ਅਤੇ ਨੋਟੀਫਿਕੇਸ਼ਨ ਜਾਰੀ ਕਰਕੇ 10 ਐਲਡਰਮੈਨਜ਼ ਦੀ ਨਿਯੁਕਤੀ ਕੀਤੀ ਗਈ ਸੀ। ਇਸ ਫੈਸਲੇ ਦੇ ਖਿਲਾਫ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਇਸਦੇ ਚੱਲਦਿਆਂ ਸੁਪਰੀਮ ਕੋਰਟ ਨੇ ਉਪ ਰਾਜਪਾਲ ਦੇ 10 ਐਲਡਰਮੈਨ ਨਿਯੁਕਤ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ ਅਤੇ ਇਸ ਨਾਲ ਦਿੱਲੀ ’ਚ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ।