ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ’ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਲਗਾਏ ਆਰੋਪ
ਲੌਂਗੋਵਾਲ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਨਰਾਜ਼ ਆਗੂ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਆਰੋਪ ਲਗਾਏ ਹਨ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਅਕਾਲੀ ਅਸੂਲਾਂ, ਸਿੱਖ ਸਿਧਾਤਾਂ ਤੇ ਰਵਾਇਤਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾਅ ਸਕੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਅਣਗਹਿਲੀ ਕਾਰਨ ਅਕਾਲੀ ਦਲ ਦਿਨੋਂ-ਦਿਨ ਕਮਜ਼ੋਰ ਹੁੰਦਾ ਗਿਆ। ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਅਕਾਲੀ ਸੋਚ ਵਾਲੇ ਲੋਕ ਅੱਜ ਵੀ ਪੰਥ ਤੇ ਪੰਜਾਬ ਦੀ ਸ਼ਾਨ ਲਈ ਸੇਵਾ ਕਰਨ ਦੇ ਇੱਛੁਕ ਹਨ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਪੰਥ ਤੇ ਪੰਜਾਬ ਨੂੰ ਜਲਦੀ ਹੀ ਇੱਕ ਅਜਿਹੀ ਲੀਡਰਸ਼ਿਪ ਦੇਵੇਗੀ ਜੋ ਸਿੱਖ ਸਿਆਸਤ ਅੰਦਰ ਸਾਰਿਆਂ ਦਾ ਵਿਸ਼ਵਾਸ ਮੋੜ ਲਿਆਵੇਗੀ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਰਮਿੰਦਰ ਸਿੰਘ ਢੀਂਡਸਾ ਸਣੇ 8 ਸੀਨੀਅਰ ਅਕਾਲੀ ਆਗੂਆਂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਸੀ। ਇਸ ਦੇ ਚੱਲਦਿਆਂ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਇਨ੍ਹਾਂ ਸਾਰੇ 8 ਆਗੂਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਸੀ ਤੇ ਇਸ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਦੀ ਵੀ ਅਕਾਲੀ ਦਲ ਵਿਚੋਂ ਛੁੱਟੀ ਕਰ ਦਿੱਤੀ ਗਈ ਸੀ।