ਹਾਈਕੋਰਟ ਨੇ ਖਾਰਜ ਕਰ ਦਿੱਤੀ ਸੀ ਸਿਸੋਦੀਆ ਦੀ ਪਟੀਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਮਨੀਸ਼ ਸਿਸੋਦੀਆ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਜ਼ਿਕਰਯੋਗ ਹੈ ਕਿ ਆਬਕਾਰੀ ਨੀਤੀ ਮਾਮਲੇ ਵਿਚ ਸਿਸੋਦੀਆ ਨੇ ਦਿੱਲੀ ਹਾਈਕੋਰਟ ਵਿਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਪਰ ਹਾਈਕੋਰਟ ਦੀ ਮਾਨਯੋਗ ਜੱਜ ਸਵਰਨਕਾਂਤਾ ਸ਼ਰਮਾ ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ ਅਤੇ ਕਿਹਾ ਸੀ ਕਿ ਸਿਸੋਦੀਆ ਨੇ ਆਪਣੀ ਸਿਆਸੀ ਤਾਕਤ ਦਾ ਦੁਰਉਪਯੋਗ ਕੀਤਾ ਹੈ ਅਤੇ ਆਬਕਾਰੀ ਨੀਤੀ ਤਿਆਰ ਕਰਨ ਵਿਚ ਜਨਤਾ ਦਾ ਵਿਸ਼ਵਾਸ਼ ਤੋੜਿਆ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਸਿਸੋਦੀਆ ਬਹੁਤ ਪ੍ਰਭਾਵਸ਼ਾਲੀ ਵਿਅਕਤੀ ਹਨ ਅਤੇ ਉਹ ਜ਼ਮਾਨਤ ਮਿਲਣ ’ਤੇ ਆਬਕਾਰੀ ਨੀਤੀ ਮਾਮਲੇ ਦੇ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ। ਧਿਆਨ ਰਹੇ ਕਿ ਸਿਸੋਦੀਆ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ।