ਪੰਜਾਬ ਕਾਂਗਰਸ ’ਚ ਵੱਡੀ ਰੱਦੋਬਦਲ ਦੀਆਂ ਚਰਚਾਵਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਵੱਡੀ ਰੱਦੋਬਦਲ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਹ ਵੀ ਜਾਣਕਾਰੀ ਮਿਲੀ ਹੈ ਸੀਨੀਅਰ ਆਗੂ ਵਿਜੇਇੰਦਰ ਸਿੰਗਲਾ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਵਿਜੇਇੰਦਰ ਸਿੰਗਲਾ ਯੂਥ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਹ ਰਾਹੁਲ ਗਾਂਧੀ ਦੀ ਟੀਮ ਵਿਚ ਮੰਨੇ ਜਾਂਦੇ ਹਨ। ਸਭ ਤੋਂ ਅਹਿਮ ਗੱਲ ਇਹ ਹੈ ਕਿ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਵੀ ਸਿੰਗਲਾ ਦੀ ਹਮਾਇਤ ਕਰ ਰਹੇ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਨ ਨੇ ਤਾਜ਼ਾ ਹੋਈਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਦੇਖਦੇ ਹੋਏ ਪੰਜਾਬ ਦੀ ਲੀਡਰਸ਼ਿਪ ਵਿਚ ਬਦਲਾਅ ਕਰਨ ਦਾ ਮਨ ਬਣਾ ਲਿਆ ਹੈ। ਸੂਬੇ ਦੀਆਂ ਬਦਲ ਰਹੀਆਂ ਸਿਆਸੀ ਪ੍ਰਸਥਿਤੀਆਂ ਨੂੰ ਦੇਖਦੇ ਹੋਏ ਇਹ ਰੱਦੋਬਦਲ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਕਾਂਗਰਸ ਦਾ ਇਕ ਧੜਾ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਮਨਾਉਣ ਦੀਆਂ ਦਲੀਲਾਂ ਵੀ ਦੇ ਰਿਹਾ ਹੈ ਅਤੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਸੁਨੀਲ ਜਾਖੜ ਨਾਲ ਰਾਬਤਾ ਬਣਾਉਣ ਦਾ ਯਤਨ ਵੀ ਸ਼ੁਰੂ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਉਹ ਹੁਣ ਪੰਜਾਬ ਭਾਜਪਾ ਦੇ ਪ੍ਰਧਾਨ ਹਨ।