Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ 23 ਮੈਂਬਰੀ ਕੋਰ ਕਮੇਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ 23 ਮੈਂਬਰੀ ਕੋਰ ਕਮੇਟੀ ਦਾ ਐਲਾਨ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਕੋਰ ਕਮੇਟੀ ‘ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ 23 ਮੈਂਬਰੀ ਨਵੀਂ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਰਕਿੰਗ ਕਮੇਟੀ ਨੇ ਮਤਾ ਪਾਸ ਕਰਕੇ ਕੋਰ ਕਮੇਟੀ ਦੇ ਪੁਨਰਗਠਨ ਦੇ ਅਧਿਕਾਰ ਦਿੱਤੇ ਸਨ। ਇਸ ਤੋਂ ਪਹਿਲਾਂ ਪਾਰਟੀ ‘ਚ ਬਗਾਵਤੀ ਸੁਰਾਂ ਉਭਰਨ ਮਗਰੋਂ ਸੁਖਬੀਰ ਬਾਦਲ ਨੇ 23 ਜੁਲਾਈ ਨੂੰ ਕੋਰ ਕਮੇਟੀ ਭੰਗ ਕਰ ਦਿੱਤੀ ਸੀ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਵਿਚ 4 ਐਕਸ ਆਫੀਸ਼ੀਓ ਮੈਂਬਰ ਵਿਸ਼ੇਸ਼ ਇਨਵਾਇਟੀ ਵਜੋਂ ਸ਼ਾਮਲ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਨਵੀਂ ਕੋਰ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਣੇ ਹੋਰ ਕਈ ਆਗੂਆਂ ਨੂੰ ਸ਼ਾਮਲ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੀਂ ਕੋਰ ਕਮੇਟੀ ਦੇ ਮੈਂਬਰਾਂ ਵਿਚ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਬਿਕਰਮ ਸਿੰਘ ਮਜੀਠੀਆ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਸੋਹਣ ਸਿੰਘ ਠੰਡਲ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀਕੇ, ਇਕਬਾਲ ਸਿੰਘ ਝੂੰਦਾ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ. ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐੱਨਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਬਲਦੇਵ ਸਿੰਘ ਖਹਿਰਾ ਅਤੇ ਉਹ ਖੁਦ ਸ਼ਾਮਲ ਹਨ। ਡਾ. ਚੀਮਾ ਨੇ ਕਿਹਾ ਕਿ ਕਮੇਟੀ ਦੇ ਐਕਸ ਆਫੀਸ਼ੀਓ ਮੈਂਬਰ ਵਜੋਂ ਸੰਸਦ ਵਿਚ ਪਾਰਟੀ ਦੇ ਆਗੂ, ਯੂਥ ਅਕਾਲੀ ਦਲ ਦੇ ਪ੍ਰਧਾਨ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਅਤੇ ਲੀਗਲ ਸੈੱਲ ਦੇ ਪ੍ਰਧਾਨ ਨੂੰ ਸ਼ਾਮਲ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 23 ਜੁਲਾਈ ਨੂੰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਮਗਰੋਂ ਪਾਰਟੀ ਦੀ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਸੀ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …