ਉਲੰਪਿਕ ’ਚ ਵਿਨੇਸ਼ ਫੋਗਾਟ ਨੂੰ ਆਯੋਗ ਕਰਾਰ ਦਿੱਤੇ ਜਾਣ ਦੀ ਕੀਤੀ ਤਿੱਖੀ ਆਲੋਚਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੈਰਿਸ ’ਚ ਹੋ ਰਹੀਆਂ ਉਲੰਪਿਕ ਖੇਡਾਂ ਦੌਰਾਨ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ 100 ਗਰਾਮ ਭਾਰ ਜ਼ਿਆਦਾ ਹੋਣ ਕਾਰਨ ਇਤਿਹਾਸ ਰਚਣ ਵਾਲੇ ਫਾਈਨਲ ਮੁਕਾਬਲੇ ਤੋਂ ਆਯੋਗ ਕਰਾਰ ਦਿੱਤਾ ਗਿਆ ਸੀ। ਇਸ ਕਾਰਨ ਭਾਰਤ ਇਕ ਤਮਗੇ ਤੋਂ ਵਾਂਝਾ ਰਹਿ ਗਿਆ। ਇਸ ਘਟੀਆ ਫੈਸਲੇ ਕਾਰਨ ਵਿਨੇਸ਼ ਫੋਗਾਟ ਦਾ ਹੌਸਲਾ ਟੁੱਟ ਗਿਆ ਅਤੇ ਉਸਨੇ ਕੁਸ਼ਤੀ ਖੇਡ ਤੋਂ ਸੰਨਿਆਸ ਲੈਣ ਦਾ ਐਲਾਨ ਵੀ ਕਰ ਦਿੱਤਾ। ਇਸਦੇ ਨਾਲ ਹੀ ਹਰ ਭਾਰਤੀ ਦੇ ਦਿਲ ਨੂੰ ਵੀ ਠੇਸ ਪਹੁੰਚੀ ਹੈ। ਇਸੇ ਦੌਰਾਨ ਪਿ੍ਰੰਸੀਪਲ ਸਰਵਣ ਸਿੰਘ ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਅਯੋਗ ਕਰਾਰ ਦਿੱਤੇ ਜਾਣ ਵਾਲੇ ਮਾਮਲੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਹਿਲਵਾਨ ਨੂੰ ਘਿਨੌਣੀ ਸਾਜਿਸ਼ ਦਾ ਸ਼ਿਕਾਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਵਿਨੇਸ਼ ਫੋਗਾਟ ਨੂੰ ਇਸ ਵੇਲੇ ਸਭ ਤੋਂ ਵੱਧ ਆਪਣੇ ਲੋਕਾਂ ਦੇ ਪਿਆਰ ਅਤੇ ਆਸ਼ੀਰਵਾਦ ਦੀ ਜ਼ਰੂਰਤ ਹੈ। ਇਸੇ ਦੌਰਾਨ ਪਿ੍ਰੰਸੀਪਲ ਸਰਵਣ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਆਪਣੀਆਂ ਉਮਰ ਭਰ ਦੀਆਂ ਪ੍ਰਾਪਤੀਆਂ ਲਈ ਮਿਲੇ ਸਵਾ ਦੋ ਤੋਲੇ ਸੋਨੇ ਦੇ ਤਮਗੇ ਨੂੰ ਵਿਨੇਸ਼ ਫੋਗਾਟ ਦੀ ਝੋਲੀ ਪਾਉਣਗੇ। ਧਿਆਨ ਰਹੇ ਕਿ ਲੇਖਕ ਪਿ੍ਰੰਸੀਪਲ ਸਰਵਣ ਸਿੰਘ ਨੂੰ 5 ਮਾਰਚ 2023 ਨੂੰ ਪੰਜਾਬੀ ਖੇਡ ਪ੍ਰਮੋਟਰਾਂ ਵਲੋਂ ‘ਖੇਡ ਰਤਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਸੀ।