ਕਿਹਾ : ਰੇਟ ਵਧਣ ਨਾਲ ਰੀਅਲ ਅਸਟੇਟ ਕਾਰੋਬਾਰ ’ਤੇ ਪਵੇਗਾ ਮਾੜਾ ਅਸਰ
ਚੰਡੀਗੜ੍ਹ/ਬਿਊਰੋ ਨਿਊਜ਼
ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟ ਵਧਾਉਣ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ ਕੁਲੈਕਟਰ ਰੇਟਾਂ ਵਿਚ 100 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰ ’ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕ ਜੋ ਮਕਾਨ ਬਣਾਉਣ ਜਾਂ ਛੋਟਾ ਕਾਰੋਬਾਰ ਖੋਲ੍ਹਣ ਲਈ ਜ਼ਮੀਨ ਖਰੀਦਣ ਦੀ ਯੋਜਨਾ ਬਣਾ ਰਹੇ ਹਨ, ਉਨ੍ਹਾਂ ਨੂੰ ਵੀ ਝਟਕਾ ਲੱਗੇਗਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਭਿ੍ਰਸ਼ਟਾਚਾਰ ਨੂੰ ਖਤਮ ਕਰਕੇ 34 ਹਜ਼ਾਰ ਕਰੋੜ ਰੁਪਏ ਤੇ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਮਾਲੀਆ ਇਕੱਠਾ ਕਰਨ ਦਾ ਵਾਅਦਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਨ੍ਹਾਂ ਵਾਅਦਿਆਂ ਦੀ ਸਚਾਈ ਦੱਸਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਦੀ ਆਰਥਿਕਤਾ ਨੂੰ ਖਰਾਬ ਕਰਨ ’ਤੇ ਤੁਲੀ ਹੋਈ ਹੈ।