
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਐਤਵਾਰ ਨੂੰ ਪਏ ਜ਼ੋਰਦਾਰ ਮੀਂਹ ਪੈਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਕਈ ਥਾਈਂ ਨੁਕਸਾਨ ਦੀਆਂ ਵੀ ਖਬਰਾਂ ਹਨ। ਇਸਦੇ ਚੱਲਦਿਆਂ ਪਹਾੜਾਂ ਵਿਚ ਪਏ ਜ਼ੋਰਦਾਰ ਮੀਂਹ ਕਾਰਨ ਪੰਜਾਬ ਦੇ ਦਰਿਆਵਾਂ ਦੇ ਪਾਣੀ ਦਾ ਪੱਧਰ ਵੀ ਕਾਫੀ ਵਧ ਗਿਆ ਹੈ। ਲੰਘੇ ਕੱਲ੍ਹ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਜੇਜੋਂ ਖੇਤਰ ਵਿਚ ਇਕ ਕਾਰ ਪਾਣੀ ਦੇ ਤੇਜ਼ ਵਹਾਅ ’ਚ ਰੁੜ ਗਈ ਸੀ, ਜਿਸ ਕਾਰਨ ਕਾਰ ਵਿਚ ਸਵਾਰ 10 ਵਿਅਕਤੀਆਂ ਦੀ ਜਾਨ ਚਲੇ ਗਈ। ਪੰਜਾਬ ਦੇ ਦਰਿਆਵਾਂ ਵਿਚ ਵਧੇ ਪਾਣੀ ਦੇ ਪੱਧਰ ਕਾਰਨ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦਾ ਖਤਰਾ ਬਣ ਗਿਆ ਹੈ ਅਤੇ ਕੁਝ ਪਿੰਡਾਂ ਵਿਚ ਪਾਣੀ ਭਰਨ ਦੀਆਂ ਵੀ ਖਬਰਾਂ ਮਿਲ ਰਹੀਆਂ ਹਨ। ਪਠਾਨਕੋਟ ਦੇ ਕੁਝ ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਇਸੇ ਤਰ੍ਹਾਂ ਰੋਪੜ ਜ਼ਿਲ੍ਹੇ ਦੇ ਨੰਗਲ ਖੇਤਰ ਵਿਚ ਵੀ ਕਈ ਪਿੰਡਾਂ ਵਿਚ ਪਾਣੀ ਭਰ ਗਿਆ ਅਤੇ ਸਕੂਲਾਂ ਵਿਚ ਵੀ ਛੁੱਟੀ ਕਰਨੀ ਪਈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਆਉਂਦੇ ਦਿਨਾਂ ਵਿਚ ਹੋਰ ਵੀ ਜ਼ਿਆਦਾ ਮੀਂਹ ਪੈ ਸਕਦਾ ਹੈ। ਉਧਰ ਦੂਜੇ ਪਾਸੇ ਪ੍ਰਸ਼ਾਸਨ ਨੇ ਬਰਸਾਤ ਦੇ ਮੌਸਮ ’ਚ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ ਅਤੇ ਸੈਲਾਨੀਆਂ ਨੂੰ ਵੀ ਪਹਾੜਾਂ ਵਿਚ ਬੜੇ ਧਿਆਨ ਨਾਲ ਸਫਰ ਕਰਨ ਦੀ ਸਲਾਹ ਦਿੱਤੀ ਹੈ।